ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਗਲਵਾਰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਿੱਚ ਕੁਝ ਬਦਲਾਅ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਵੈ-ਇੱਛਾ ਨਾਲ ਜ਼ਮੀਨ ਦੇਣ ਵਾਲੇ ਕਿਸਾਨਾਂ ਨੂੰ ਕਲੋਨੀ ਦੇ ਵਿਕਸਤ ਹੋਣ ਤੱਕ ਉਥੇ ਵਾਹੀ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਸਾਲਾਨਾ ਮੁਆਵਜ਼ਾ ਦਿੱਤਾ ਜਾਵੇਗਾ, ਜਦੋਂ ਕਿ ਜ਼ਮੀਨ ਦਾ ਕਬਜ਼ਾ ਲੈਣ ਤੋਂ ਬਾਅਦ ਇਕ ਲੱਖ ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਡਿਵੈੱਲਪਮੈਂਟ ਵਿੱਚ ਦੇਰੀ ਹੋਣ ’ਤੇ ਕਿਸਾਨਾਂ ਨੂੰ ਹਰ ਸਾਲ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ 10 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇੱਕ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ ਸਵੈ-ਇੱਛਾ ਨਾਲ ਜ਼ਮੀਨ ਦੇਣ ’ਤੇ ਰਿਹਾਇਸ਼ੀ ਅਤੇ ਵਪਾਰਕ ਜ਼ਮੀਨ ਦੇਣ ਦੀ ਤਜਵੀਜ਼ ਰੱਖੀ ਗਈ ਹੈ। ਮਾਨ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲੈਣ ਲੱਗੀ ਹੋਈ ਹੈ। ਉਨ੍ਹਾ ਕਿਹਾ ਕਿ ਹਰਿਆਣਾ ਵਿੱਚ ਇਸ ਸਮੇਂ ਇੱਕ ਵੀ ਗੈਰਕਾਨੂੰਨੀ ਕਲੋਨੀ ਨਹੀਂ, ਜਦੋਂ ਕਿ ਪੰਜਾਬ ਵਿੱਚ 30 ਹਜ਼ਾਰ ਗੈਰਕਾਨੂੰਨੀ ਕਲੋਨੀਆਂ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਗੈਰਕਾਨੂੰਨੀ ਕਲੋਨੀਆਂ ਨੂੰ ਖਤਮ ਕਰਨ ਲਈ ਇਹ ਇਤਿਹਾਸਕ ਕਦਮ ਚੁੱਕਿਆ ਗਿਆ ਹੈ।





