ਮੰਤਰੀ ਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬ

0
61

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ ਕਥਿਤ ਉਲੰਘਣਾ ਦੇ ਸੰਬੰਧ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਇੱਕ ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਤਲਬ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।
ਉਨ੍ਹਾ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਧਾਰੀ ਰੱਖਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸੰਬੰਧਤ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਰੱਖੇ ਗਏ ਸਮਾਗਮ ਦੀ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ। ਉਨ੍ਹਾ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ ਵੀ ਸ਼ਿਕਾਇਤਾਂ ਪੁੱਜੀਆਂ ਹਨ, ਜੋ ਸ਼ੁੱਕਰਵਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ।
ਉਸ ਵੱਲੋਂ ਕੀਤੀ ਗਈ ਖਿਮਾ ਯਾਚਨਾ ਦੇ ਮਾਮਲੇ ਬਾਰੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ। ਇਸੇ ਦੌਰਾਨ ਸ੍ਰੀਨਗਰ ਦੇ ਸ਼ਹੀਦੀ ਸਮਾਗਮ ਦੌਰਾਨ ਪਏ ਭੰਗੜੇ ਦੇ ਮਾਮਲੇ ਵਿੱਚ ਮੰਤਰੀ ਬੈਂਸ ਨੇ ਮੁਆਫੀ ਮੰਗਦੇ ਹੋਏ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਨਿਮਾਣੇ ਸਿੱਖ ਦੀ ਤਰ੍ਹਾਂ ਪੇਸ਼ ਹੋਣਗੇ।