ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।
ਉਨ੍ਹਾਂ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ।
ਇਸ ਮੌਕੇ ਐੱਨ ਸੀ ਸੀ ਕੈਡਿਟਾਂ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ।
ਮਾਨ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।





