ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮਿ੍ਰਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਾਉਣ ਕਰਕੇ ਦਾਖਲਾ ਨਾ ਦੇਣ ਨੂੰ ਭਾਰਤੀ ਸੰਵਿਧਾਨ ਦੀ ਵੱਡੀ ਉਲੰਘਣਾ ਅਤੇ ਸਿੱਖਾਂ ਵਿਰੁੱਧ ਨਫਰਤੀ ਵਿਤਕਰਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵੱਲੋਂ ਇਹ ਮਾਮਲਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਕੋਲ ਵੀ ਰੱਖਿਆ ਗਿਆ ਹੈ।
ਜਥੇਦਾਰ ਨੇ ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਆਪਣੇ ਆਪ ਨੂੰ ਸਿੱਖ ਹਿਤੈਸ਼ੀ ਦੱਸਣ ਵਾਲੀ ਭਾਜਪਾ ਦੱਸੇ ਕਿ ਉਹ ਕਿਵੇਂ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਕਿਸ ਨੂੰ ਨਹੀਂ ਪਤਾ ਕਿ ਅੰਮਿ੍ਰਤਧਾਰੀ ਸਿੱਖ ਕਕਾਰ ਵਜੋਂ ਕਿਰਪਾਨ ਪਾਉਂਦੇ ਹਨ ਪਰ ਦੇਸ਼ ਅੰਦਰ ਵਾਰ-ਵਾਰ ਸਿੱਖਾਂ ਨੂੰ ਉਨ੍ਹਾਂ ਦੀ ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਤਾਜ਼ਾ ਮਾਮਲੇ ਅਤੇ ਪਿਛਲੇ ਮਾਮਲਿਆਂ ਨੂੰ ਲੈ ਕੇ ਤੁਰੰਤ ਹੀ ਇੱਕ ਉੱਚ ਪੱਧਰੀ ਸਾਂਝਾ ਵਫਦ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ ਅਤੇ ਰਾਜਸਥਾਨ ਹਾਈ ਕੋਰਟ ਦੇ ਰਜਿਸਟਰਾਰ ਨਾਲ ਮੁਲਾਕਾਤ ਕਰਕੇ ਇਸ ਵਿਤਕਰੇ ਦੇ ਵਿਰੁੱਧ ਸਖਤ ਇਤਰਾਜ਼ ਦਰਜ ਕਰਵਾ ਕੇ ਇਸ ਨੂੰ ਹਮੇਸ਼ਾ ਲਈ ਠੱਲ੍ਹਿਆ ਜਾਵੇ। ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਸਖਤ ਨੋਟਿਸ ਲੈਂਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।




