ਪਟਿਆਲਾ : ਕਰਨਲ ਬਾਠ ਤੇ ਉਨ੍ਹਾ ਦੇ ਬੇਟੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪਟਿਆਲਾ ਪੁਲਸ ਨੇ ਚਾਰ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖਤ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ, ਜਿਸ ਵਿੱਚ ਸੇਵਾ ਵਿੱਚ ਕਟੌਤੀ ਅਤੇ ਤਰੱਕੀਆਂ ’ਤੇ ਰੋਕ ਸ਼ਾਮਲ ਹੈ। ਇਨ੍ਹਾਂ ਅਧਿਕਾਰੀਆਂ ਲਈ ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਪੁਲਸ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਸਾਰੇ ਅਧਿਕਾਰੀ ਮੁਅੱਤਲ ਰਹਿਣਗੇ ਅਤੇ ਉਨ੍ਹਾਂ ਦੀ ਤਾਇਨਾਤੀ ਸਿਰਫ ਪਟਿਆਲਾ ਤੋਂ ਬਾਹਰ ਕੀਤੀ ਜਾਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਹੀ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਹੋਈ ਹੈ। ਇਸ ਘਟਨਾ ਨੂੰ ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਕਿਸੇ ਵੀ ਪੁਲਸ ਮੁਲਾਜ਼ਮ ਨੂੰ ਗਿ੍ਰਫਤਾਰ ਨਹੀਂ ਕੀਤਾ ਗਿਆ। ਜਿਨ੍ਹਾਂ ਇੰਸਪੈਕਟਰਾਂ ਖਿਲਾਫ ਕਾਰਵਾਈ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਹੈਰੀ ਬੋਪਾਰਾਏ, ਰੋਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਸ਼ਾਮਲ ਹਨ।




