ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਦਾ ਵਿਰੋਧ ਕਰਨ ਲਈ ਬੁੱਧਵਾਰ ਪੰਜਾਬ ਦੇ 116 ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ। ਲੁਧਿਆਣਾ ਜ਼ਿਲ੍ਹਾ ਟਰੈਕਟਰ ਮਾਰਚ ਦਾ ਮੁੱਖ ਕੇਂਦਰ ਬਿੰਦੂ ਰਿਹਾ, ਜਿੱਥੇ 45,861 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਜਵੀਜ਼ ਹੈ। ਇਸ ਵਿੱਚ ਰਿਹਾਇਸ਼ੀ ਮੰਤਵ ਲਈ 24,311 ਏਕੜ ਅਤੇ ਸਨਅਤੀ ਜ਼ੋਨ ਸਥਾਪਤ ਕਰਨ ਲਈ 21,550 ਏਕੜ ਜ਼ਮੀਨ ਸ਼ਾਮਲ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਟਰੈਕਟਰ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਕੂੰਮ ਕਲਾਂ, ਬਲਿਓਂ, ਦਾਖਾ, ਜੋਧਾਂ ਅਤੇ ਜਗਰਾਉਂ ਸਮੇਤ ਵੱਖ-ਵੱਖ ਥਾਵਾਂ ਤੋਂ ਸ਼ੁਰੂ ਹੋਈ। ਉਨ੍ਹਾ ਕਿਹਾ, ‘ਇਹ ਹਾਲ ਹੀ ਦੇ ਸਮੇਂ ਵਿੱਚ ਸਭ ਤੋਂ ਵੱਡਾ ਮਾਰਚ ਹੈ, ਕਿਉਂਕਿ ਪੇਂਡੂ ਖੇਤਰਾਂ ਵਿੱਚ ਲੋਕ ਆਪਣੀਆਂ ਉਪਜਾਊ ਜ਼ਮੀਨਾਂ ਖੋਹਣ ਅਤੇ ਆਪਣੇ ਘਰਾਂ ਤੋਂ ਉਜਾੜਨ ਦੀ ਇਸ ਕੋਸ਼ਿਸ਼ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਨਾ ਚਾਹੁੰਦੇ ਸਨ।’
ਅੰਮਿ੍ਰਤਸਰ ਜ਼ਿਲ੍ਹੇ ਦੇ ਅਜਨਾਲਾ, ਮਾਨਾਂਵਾਲਾ ਅਤੇ ਤਰਨ ਤਾਰਨ ਵਿੱਚ ਟਰੈਕਟਰ ਮਾਰਚਾਂ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ, ‘ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਇੱਕ ਵੱਡਾ ਅੰਦੋਲਨ ਸ਼ੁਰੂ ਹੋਣ ਤੋਂ ਪਹਿਲਾਂ ਨੀਤੀ ਵਾਪਸ ਲਈ ਜਾਵੇ।’ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ਦੇ ਡੀ ਸੀ ਦਫਤਰ ਦੇ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਾਇਆ ਗਿਆ। ਰੋਪੜ ਵਿੱਚ ਸੈਂਕੜੇ ਕਿਸਾਨਾਂ ਨੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਸ਼ੁਰੂ ਕੀਤੀ। ਮੁਹਾਲੀ ਖੇਤਰ ਦੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਸਨੇਟਾ ਤੋਂ ਸ਼ੁਰੂ ਹੋਇਆ ਹੈ, ਜੋ ਕਿ ਲੈਂਡ ਪੂਲਿੰਗ ਤੋਂ ਪ੍ਰਭਾਵਤ ਪਿੰਡਾਂ ਵਿੱਚੋਂ ਲੰਘਿਆ।





