ਚੰਡੀਗੜ੍ਹ (ਗੁਰਜੀਤ ਬਿੱਲਾ/
ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।
ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’ ਨਾਲ ਜੋੜਨ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਸਾਬਤ ਹੋ ਰਿਹਾ ਹੈ, ਜਿੱਥੇ ਮਰੀਜ਼ਾਂ ਦਾ ਸਾਰਾ ਇਲਾਜ ਬਿਲੁਕਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ 200 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਰੇਗੀ, ਜਿਸ ਨਾਲ ਸੂਬੇ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਧ ਕੇ 1081 ਹੋ ਜਾਵੇਗੀ। ਮਾਨ ਨੇ ਦੱਸਿਆ ਕਿ ਇਸ ਵੇਲੇ 565 ਆਮ ਆਦਮੀ ਕਲੀਨਿਕਾਂ ਪੇਂਡੂ ਇਲਾਕਿਆਂ ਵਿੱਚ, ਜਦਕਿ 316 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਹਨ, ਜਿੱਥੇ ਹੋਰ ਰੋਜ਼ ਲਗਭਗ 70,000 ਮਰੀਜ਼ ਆਉਦੇ ਹਨ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰੀ ਸਿਹਤ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ।
ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਨ ਦੇ ਉਪਰਾਲੇ ਨੂੰ ਸਿਹਤ ਖੇਤਰ ਵਿੱਚ ਇਕ ਹੋਰ ਵੱਡੀ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ ਜਦੋਂ ਚਾਹੁਣ ਆਪਣੀਆਂ ਦਵਾਈਆਂ ਜਾਂ ਜਾਂਚ ਰਿਪੋਰਟਾਂ ਮੋਬਾਇਲ ਉਤੇ ਦੇਖ ਸਕਦੇ ਹਨ। ਉਨ੍ਹਾ ਕਿਹਾ ਕਿ ਇਸ ਉਪਰਾਲੇ ਨਾਲ ਸਿਹਤ ਸਹੂਲਤਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਆਵੇਗਾ। ਮਾਨ ਨੇ ਕਿਹਾ ਕਿ ਤਕਰੀਬਨ 90 ਫੀਸਦੀ ਪੰਜਾਬੀਆਂ ਕੋਲ ਸਮਾਰਟ ਫੋਨ ਹਨ, ਜਿਸ ਕਰਕੇ ਵਟਸਐਪ ਰਾਹੀਂ ਉਨ੍ਹਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕਦੀ ਹੈ।
ਆਮ ਲੋਕਾਂ ਲਈ ਵਟਸਐਪ ਚੈਟਬੋਟ ਦੇ ਲਾਭ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡਾਕਟਰ ਦੀ ਦਵਾਈ ਵਾਲੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਵੱਲੋਂ ਦਿੱਤੀ ਅਗਲੀ ਤਰੀਕ ਬਾਰੇ ਸਮੇਂ-ਸਮੇਂ ਯਾਦ ਕਰਵਾਉਦੇ ਰਹਿਣਾ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਪੀੜਤ ਬਜ਼ੁਰਗਾਂ, ਗਰਭਵਤੀ ਮਹਿਲਾਵਾਂ, ਨਵਜੰਮੇ ਬੱਚਿਆਂ ਦੀ ਸੰਭਾਲ ਬਾਰੇ ਵਟਸਐਪ ਰਾਹੀਂ ਜਾਣਕਾਰੀ ਮਿਲਦੀ ਰਹੇਗੀ। ਉਨ੍ਹਾ ਦੱਸਿਆ ਕਿ ਇਸ ਨਾਲ ਮਰੀਜ਼ ਨੂੰ ਪਰਚੀਆਂ ਸਾਂਭਣ ਦੀ ਲੋੜ ਨਹੀਂ ਰਹੇਗੀ, ਸਗੋਂ ਉਹ ਜਦੋਂ ਚਾਹੁਣ ਵਟਸਐਪ ਤੋਂ ਜਾਣਕਾਰੀ ਲੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੁੱਤੇ ਦੇ ਵੱਢਣ ਨਾਲ ਪੀੜਤ ਲੋਕਾਂ ਨੂੰ ਫੌਰੀ ਇਲਾਜ ਦੇਣ ਲਈ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਇਹ ਇਲਾਜ ਮੁਫ਼ਤ ਮਿਲੇਗਾ। ਐਂਟੀ-ਰੈਬੀਜ਼ ਟੀਕੇ ਇਨ੍ਹਾਂ ਕਲੀਨਿਕਾਂ ਵਿੱਚ ਹੀ ਉਪਲੱਬਧ ਹੋਣਗੇ। ਉਨ੍ਹਾ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ, ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ, ਕਿਉਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ।ਇਸ ਦੌਰਾਨ ਮੁੱਖ ਮੰਤਰੀ ਨੇ ਸਮਾਗਮ ਵਿੱਚ ਹਾਜ਼ਰ ਵਿਸ਼ਵ ਸਿਹਤ ਸੰਗਠਨ ਦੀ ਟੀਮ ਨੂੰ ਸੂਬੇ ਦੇ ਆਮ ਆਦਮੀ ਕਲੀਨਿਕਾਂ ਅਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਆਪਣੇ ਵਡਮੁੱਲੇ ਤਜਰਬੇ ਸਾਂਝੇ ਕਰਨ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਨੂੰ ਵੀ ਸਨਮਾਨਤ ਕੀਤਾ।
ਇਸ ਮੌਕੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ।ਸਮਾਗਮ ਵਿੱਚ ਮੁੱਖ ਸਕੱਤਰ ਕੇ ਏ ਪੀ ਸਿਨਹਾ, ਸਿਹਤ ਸਕੱਤਰ ਕੁਮਾਰ ਰਾਹੁਲ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।





