ਨਾਭਾ ਜੇਲ੍ਹ ’ਚ ਬੰਦ ਸਿਆਸੀ ਆਗੂ ਖਿਲਾਫ਼ ਅਹਿਮ ਸਬੂਤ ਮਿਲੇ, ਅਦਾਲਤ ’ਚ ਕਰਾਂਗੇ ਪੇਸ਼ : ਮਾਨ

0
61

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।
ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਮਾਨ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਮੁਖਾਤਿਬ ਹੁੰਦਿਆਂ ਕਿਹਾਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਨਸ਼ਿਆਂ ਵਿਰੁੱਧ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰੋਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਚਾਰ ਮੈਂਬਰੀਂ ਕਮੇਟੀ ਕਰੇਗੀ, ਜਿਨ੍ਹਾਂ ਵਿੱਚ ਪਿੰਡ ਦਾ ਸਰਪੰਚ ਜਾਂ ਵਾਰਡ ਦਾ ਕੌਂਸਲਰ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੈਂਬਰ, ਬੀ ਡੀ ਪੀ ਓ ਜਾਂ ਬੀ ਡੀ ਪੀ ਓ ਦਾ ਨੁਮਾਇੰਦਾ ਅਤੇ ਐੱਸ ਐੱਚ ਓ. ਜਾਂ ਐੱਸ ਐੱਚ ਓ ਦਾ ਨੁਮਾਇੰਦਾ ਸ਼ਾਮਲ ਹੋਵੇਗਾ। ਇਨ੍ਹਾਂ ਕਮੇਟੀਆਂ ਵਿੱਚ ਆਬਾਦੀ ਦੇ ਹਿਸਾਬ ਨਾਲ 10 ਤੋਂ 20 ਮੈਂਬਰ ਹੋਣਗੇ। ਇਨ੍ਹਾਂ ਡਿਫੈਂਸ ਕਮੇਟੀਆਂ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਕੰਮ ਕਰ ਰਹੇ ਸਾਫ-ਸੁਥਰੇ ਅਕਸ ਵਾਲੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਸੇਵਾ-ਮੁਕਤ ਫੌਜੀਆਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਹ ਕਮੇਟੀ ਸੰਬੰਧਤ ਇਲਾਕੇ ਦੇ ਐੱਸ ਡੀ ਐੱਮ ਵੱਲੋਂ ਨੋਟੀਫਾਈ ਕੀਤੀ ਜਾਵੇਗੀ। ਮਾਨ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸ਼ਨਾਖਤੀ ਕਾਰਡ ਵੀ ਜਾਰੀ ਕੀਤੇ ਜਾਣਗੇ, ਤਾਂ ਕਿ ਨਸ਼ਾ ਤਸਕਰਾਂ ਬਾਰੇ ਕੋਈ ਵੀ ਇਤਲਾਹ ਦੇਣ ਜਾਂ ਨਸ਼ਿਆਂ ਦੀ ਰੋਕਥਾਮ ਬਾਰੇ ਹੋਰ ਸਰਗਰਮੀਆਂ ਕਰਵਾਉਣ ਬਾਰੇ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਜਾ ਸਕੇ।ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੇ ਹੱਕ ਵਿੱਚ ਆਏ ਰਵਾਇਤੀ ਪਾਰਟੀਆਂ ਦੇ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਿਹੜਾ ਆਗੂ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਹੋਵੇ, ਉਸ ਦੇ ਹੱਕ ਵਿੱਚ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਮਾਨ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਵਿਰੁੱਧ ਅਹਿਮ ਸਬੂਤ ਮਿਲੇ ਹਨ, ਜੋ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।