ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪਿ੍ਰਅੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ ਆਪਣੇ ਭਰਾ ਦੇ ਸਮਰਥਨ ਵਿੱਚ ਆਈ। ਉਸ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਜੱਜਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ ਕਿ ਉਹ ਇਹ ਫੈਸਲਾ ਕਰਨ ਕਿ ਕੌਣ ਸੱਚਾ ਭਾਰਤੀ ਹੈ।
ਉਸ ਨੇ ਕਿਹਾ ਕਿ ਉਸ ਦਾ ਭਰਾ ਫੌਜ ਦਾ ਸਭ ਤੋਂ ਵੱਧ ਸਤਿਕਾਰ ਕਰਦਾ ਹੈ ਅਤੇ ਕਦੇ ਵੀ ਉਸ ਦੇ ਵਿਰੁੱਧ ਕੁਝ ਨਹੀਂ ਕਹੇਗਾ। ਉਸ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਸਰਕਾਰ ਤੋਂ ਸਵਾਲ ਪੁੱਛਣਾ ਰਾਹੁਲ ਗਾਂਧੀ ਦਾ ਫਰਜ਼ ਹੈ। ਸੁਪਰੀਮ ਕੋਰਟ ਨੇ ਸੋਮਵਾਰ ਦਸੰਬਰ 2022 ਵਿੱਚ ਆਪਣੀ ਭਾਰਤ ਜੋੜੋ ਯਾਤਰਾ ਦੌਰਾਨ ਫੌਜ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਲਖਨਊ ਦੀ ਇੱਕ ਅਦਾਲਤ ਵਿੱਚ ਰਾਹੁਲ ਵਿਰੁੱਧ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜੇ ਉਹ ਸੱਚੇ ਭਾਰਤੀ ਹੁੰਦੇ ਤਾਂ ਉਹ ਅਜਿਹੀ ਗੱਲ ਨਾ ਕਹਿੰਦੇ। ਸੁਪਰੀਮ ਕੋਰਟ ਦੀਆਂ ਟਿੱਪਣੀਆਂ ਬਾਰੇ ਪੁੱਛੇ ਜਾਣ ’ਤੇ ਪਿ੍ਰਅੰਕਾ ਗਾਂਧੀ ਨੇ ਸੰਸਦ ਭਵਨ ਕੰਪਲੈਕਸ ਵਿੱਚ ਕਿਹਾ, ‘ਮੇਰਾ ਭਰਾ ਫੌਜ ਦੇ ਖਿਲਾਫ ਕਦੇ ਕੁਝ ਨਹੀਂ ਕਹੇਗਾ। ਉਹ ਫੌਜ ਦਾ ਬਹੁਤ ਜ਼ਿਆਦਾ ਸਤਿਕਾਰ ਕਰਦਾ ਹੈ। ਉਸ ਦੀਆਂ ਟਿੱਪਣੀਆਂ ਦਾ ਗਲਤ ਅਰਥ ਕੱਢਿਆ ਗਿਆ ਹੈ।’



