ਬੈਂਸ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਤੇ ਕੋਠਾ ਸਾਹਿਬ ਵੱਲਾ ਵੱਲ ਜਾਂਦੀਆਂ ਸੜਕਾਂ ਦੀ ਮੁਰੰਮਤ ਦਾ ਆਦੇਸ਼

0
67

ਅੰਮਿ੍ਰਤਸਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੁੱਧਵਾਰ ਸ੍ਰੀ ਅਕਾਲ ਤਖਤ ਦੇ ਸਨਮੁੱਖ ਖੜ੍ਹੇ ਹੋ ਕੇ ਆਪਣੇ ਗੁਨਾਹ ਕਬੂਲ ਕੀਤੇ, ਜਿਸ ਤੋਂ ਬਾਅਦ ਉਨ੍ਹਾ ਨੂੰ ਤਨਖਾਹ ਸੁਣਾਈ ਗਈ। ਬੈਂਸ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿੱਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਸਨ।
ਪੰਜ ਸਿੰਘ ਸਾਹਿਬਾਨ ਨੇ ਉਨ੍ਹਾ ਨੂੰ ਆਦੇਸ਼ ਦਿੱਤਾ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ, ਜੋ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਅਸਥਾਨ ਹੈ, ਵਿਖੇ ਪੈਦਲ ਜਾਣਗੇ। ਇਸ ਰਸਤੇ ਵਿੱਚ ਆਉਂਦੇ ਬਾਜ਼ਾਰ ਅਤੇ ਗਲੀਆਂ ਦੀ ਸਫਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਗੇ। ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕੋਠਾ ਸਾਹਿਬ ਵੱਲਾ, ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਦੀ ਦੂਰੀ ਤੋਂ ਪੈਦਲ ਜਾਣਗੇ ਅਤੇ ਇਨ੍ਹਾਂ ਅਸਥਾਨਾਂ ’ਤੇ ਵੀ ਮੁਰੰਮਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾ ਨੂੰ ਦਿੱਲੀ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋ ਦਿਨ ਗੁਰੂ ਦੀਆਂ ਸੰਗਤਾਂ ਦੇ ਜੋੜੇ ਝਾੜਨ ਦੀ ਸੇਵਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾ ਨੂੰ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਵਾਸਤੇ ਕਿਹਾ ਗਿਆ ਹੈ।
ਇੱਕ ਵੱਖਰੇ ਆਦੇਸ਼ ਰਾਹੀਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਕਿ ਉਹ ਸ਼ਤਾਬਦੀ ਸਮਾਗਮਾਂ ਦੌਰਾਨ ਸੈਮੀਨਾਰ, ਗੋਸ਼ਟੀਆਂ ਤੇ ਹੋਰ ਅਜਿਹੇ ਪ੍ਰੋਗਰਾਮ ਕਰਵਾ ਸਕਦੀ ਹੈ, ਪਰ ਇਨ੍ਹਾਂ ਲਈ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਲਿਆ ਜਾਵੇ। ਅਕਾਲ ਤਖਤ ਦੀ ਫਸੀਲ ਤੋਂ ਸਰਕਾਰ ਨੂੰ ਆਦੇਸ਼ ਦਿੱਤਾ ਗਿਆ ਕਿ ਧਾਰਮਕ ਸਮਾਗਮ, ਜਿਨ੍ਹਾਂ ਵਿੱਚ ਨਗਰ ਕੀਰਤਨ ਸਜਾਉਣੇ ਅਤੇ ਗੁਰਮਤਿ ਸਮਾਗਮ ਸ਼ਾਮਲ ਹਨ, ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਸਰਕਾਰ ਇਨ੍ਹਾਂ ਵਿੱਚ ਸਹਿਯੋਗ ਦੇਵੇ। ਸਿੰਘ ਸਾਹਿਬਾਨ ਨੇ ਸਿੱਖ ਸੰਸਥਾਵਾਂ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਵਿੱਚ ਸਰਕਾਰ ਦੇ ਪ੍ਰਤੀਨਿਧਾਂ ਨੂੰ ਪੂਰਨ ਮਾਣ-ਸਨਮਾਨ ਦੇਣ।
ਇੱਕ ਹੋਰ ਫੈਸਲੇ ਤਹਿਤ ਜੰਮੂ ਤੋਂ ਆਏ ਤਿੰਨ ਸਿੱਖਾਂ ਰਣਜੀਤ ਸਿੰਘ, ਜਗਪਾਲ ਸਿੰਘ ਅਤੇ ਸੋਮਨਾਥ ਸਿੰਘ ਨੂੰ ਵੀ ਤਨਖਾਹ ਲਾਈ ਗਈ। ਉਨ੍ਹਾਂ ਖਿਲਾਫ ਦੋਸ਼ ਹੈ ਕਿ ਉਨ੍ਹਾਂ ਸਿੱਖ ਪੰਥ ਵਿੱਚੋਂ ਛੇਕੇ ਹੋਏ ਪ੍ਰੋਫੈਸਰ ਦਰਸ਼ਨ ਸਿੰਘ ਦੇ ਹੱਕ ਵਿੱਚ ਸਮਾਗਮ ਕਰਵਾਇਆ।
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਬੈਂਸ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਤੇ ਹੋਰ ਸ਼ਾਮਲ ਸਨ।
ਬੈਂਸ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਜੋ ਵੀ ਆਦੇਸ਼ ਕੀਤੇ ਗਏ ਹਨ, ਉਹ ਇੰਨ-ਬਿੰਨ ਉਨ੍ਹਾਂ ਦੀ ਪਾਲਣਾ ਕਰਨਗੇ। ਉਹ ਅਕਾਲ ਤਖਤ ਨੂੰ ਪੂਰਨ ਰੂਪ ਵਿੱਚ ਸਮਰਪਤ ਹਨ।