ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਹੋ ਰਹੀ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ। ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮਿ੍ਰਤਸਰ ਦੇ ਪਿੰਡ ਦਾਓਕੇ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ (20), ਅੰਮਿ੍ਰਤਸਰ ਦੇ ਪਿੰਡ ਬਾਘਾ ਕਲਾਂ ਦੇ ਰਮਨਪ੍ਰੀਤ ਸਿੰਘ (23), ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਦੇ ਪ੍ਰਤਾਪ ਸਿੰਘ (25) ਅਤੇ ਅੰਮਿ੍ਰਤਸਰ ਦੇ ਦੇਬੀ ਵਾਲਾ ਬਾਜ਼ਾਰ ਦੇ ਸਰਬਜੀਤ ਸਿੰਘ ਉਰਫ਼ ਬੱਬਲ (25) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐੱਮ ਐੱਮ ਪੀ ਐੱਕਸ 5, ਦੋ 9 ਐੱਮ ਐੱਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ।ਪੁਲਸ ਕਮਿਸ਼ਨਰ ਅੰਮਿ੍ਰਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਵਧੇ ਹੋਏ ਸੁਰੱਖਿਆ ਉਪਾਵਾਂ ਦੇ ਮੱਦੇਨਜ਼ਰ ਪੁਲਸ ਟੀਮਾਂ ਨੇ ਖਾਸ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ ਅਧੀਨ ਆਉਦੇ ਖੇਤਰ ਤੋਂ ਆਕਾਸ਼ ਅਤੇ ਰਮਨ ਨੂੰ ਗਿ੍ਰਫ਼ਤਾਰ ਕੀਤਾ। ਉਨ੍ਹਾਂ ਤੋਂ ਚਾਰ ਪਿਸਤੌਲ ਦੋ ਪੀ ਐੱਕਸ 5 9 ਐੱਮ ਐੱਮ ਅਤੇ ਦੋ .30 ਬੋਰ ਪਿਸਤੌਲ ਬਰਾਮਦ ਕੀਤੇ ਹਨ।ਇਸ ਤੋਂ ਬਾਅਦ ਉਨ੍ਹਾਂ ਦੇ ਦੋ ਸਾਥੀਆਂ ਪ੍ਰਤਾਪ ਸਿੰਘ ਅਤੇ ਸਰਬਜੀਤ ਸਿੰਘ ਉਰਫ਼ ਬੱਬਲ ਨੂੰ ਵੀ ਉਸੇ ਖੇਤਰ ਤੋਂ ਗਿ੍ਰਫ਼ਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ ਪਿਸਤੌਲ ਬਰਾਮਦ ਕੀਤੇ ਗਏ।ਗਿ੍ਰਫ਼ਤਾਰ ਮੁਲਜ਼ਮ ਆਕਾਸ਼ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿੰਦਾ ਹੈ ਅਤੇ ਉਹ ਰਮਨ ਨਾਲ ਮਿਲ ਕੇ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ, ਜਦੋਂ ਕਿ ਉਨ੍ਹਾਂ ਦੇ ਸਾਥੀ ਸਰਬਜੀਤ ਅਤੇ ਪ੍ਰਤਾਪ ਹਥਿਆਰ ਸਪਲਾਈ ਕਾਰਜਾਂ ਲਈ ਤਾਲਮੇਲ ਅਤੇ ਪ੍ਰਬੰਧਨ ਕਰਦੇ ਸਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਨਾਲ ਇਲਾਕੇ ਵਿੱਚ ਵੱਡੀ ਅਪਰਾਧਿਕ ਵਾਰਦਾਤ ਟਲ ਗਈ ਹੈ।





