ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੱਕਰਵਾਰ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ ਧੁਰਾ ਬਣਾਉਣ ਲਈ ਇਨਕਲਾਬੀ ਕਦਮ ਸਾਬਤ ਹੋਣਗੀਆਂ।
ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਇਸ ਸ਼ੁਰੂਆਤ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾ ਕਿਹਾ ਕਿ ਸਾਲ 2022 ਤੋਂ ਪਹਿਲਾਂ ਪੰਜਾਬ ਵਿੱਚ ਜਬਰੀ ਵਸੂਲੀ ਦਾ ਦੌਰ ਸੀ, ਜਦੋਂ ਸਿਆਸੀ ਲੀਡਰਾਂ ਵੱਲੋਂ ਕਾਰੋਬਾਰ ਵਿੱਚ ਹਿੱਸਾ ਪਾਉਣ ਲਈ ਉਦਯੋਗਪਤੀਆਂ ਦੀ ਬਾਂਹ ਮਰੋੜੀ ਜਾਂਦੀ ਸੀ। ਇਸ ਧੱਕੇਸ਼ਾਹੀ ਤੋਂ ਅੱਕ ਕੇ ਉਦਯੋਗਪਤੀ ਦੂਜੇ ਸੂਬਿਆਂ ਵੱਲ ਹਿਜਰਤ ਕਰ ਗਏ ਅਤੇ ਪੰਜਾਬ ਨੂੰ ਗੰਭੀਰ ਸੰਕਟ ਵਿੱਚ ਫਸਾ ਦਿੱਤਾ, ਜਿਸ ਨਾਲ ਸਾਡੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਗਏ।
ਸਾਲ 2022 ਤੋਂ ਬਾਅਦ ਸਨਅਤੀ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਦਯੋਗਿਕ ਸੈਕਟਰ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਅਤੇ ਬੁਲੰਦੀਆਂ ਤੇ ਲਿਜਾਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ। ਉਨ੍ਹਾ ‘ਫਾਸਟ ਟਰੈਕ ਪੰਜਾਬ’ ਪੋਰਟਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਭਾਰਤ ਦਾ ਸਭ ਤੋਂ ਆਧੁਨਿਕ ਸਿੰਗਲ ਵਿੰਡੋ ਸਿਸਟਮ ਹੈ, ਜਿਸ ਵਿੱਚ 150 ਤੋਂ ਵੱਧ ਵਪਾਰਕ ਸੇਵਾਵਾਂ ਮਿਲਦੀਆਂ ਹਨ। ਉਨ੍ਹਾ ਕਿਹਾ ਕਿ ਸਭ ਤੋਂ ਖਾਸ ਗੱਲ ਹੈ ਕਿ ਆਫਲਾਈਨ ਅਰਜ਼ੀ ਦੀ ਜ਼ਰੂਰਤ ਹੀ ਖਤਮ ਕਰ ਦਿੱਤੀ ਗਈ ਹੈ।ਕੇਜਰੀਵਾਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਨਵੀਆਂ ਪਿਰਤਾਂ ਪਾਈਆਂ ਜਾ ਰਹੀਆਂ ਹਨ, ਜਿੱਥੇ ਸਰਕਾਰ ਉਦਯੋਗ ਨੂੰ ਹੁਕਮ ਨਹੀਂ ਚਾੜ੍ਹੇਗੀ, ਸਗੋਂ ਸੈਕਟਰ ਅਧਾਰਤ ਕਮੇਟੀਆਂ ਰਾਹੀਂ ਉਦਯੋਗਪਤੀਆਂ ਦੇ ਫੈਸਲਿਆਂ ਨੂੰ ਲਾਗੂ ਕਰੇਗੀ।
ਉਨ੍ਹਾ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਦੂਜੇ ਸੂਬਿਆਂ ਦੇ ਉਦਯੋਗਿਕ ਖੇਤਰ ਦਾ ਅਧਿਐਨ ਕੀਤਾ ਜਾਵੇਗਾ ਅਤੇ ਇਸ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ, ਤਾਂ ਕਿ ਉਦਯੋਗ ਹੋਰ ਤਰੱਕੀ ਕਰ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ 99 ਫੀਸਦੀ ਫੈਸਲੇ ਅਮਲ ਵਿੱਚ ਲਿਆਂਦੇ ਜਾਣਗੇ।ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਪਹਿਲਾਂ ਹੀ ਕੌਮੀ ਪੱਧਰ ’ਤੇ ਅਗਵਾਈ ਕਰ ਰਿਹਾ ਹੈ ਅਤੇ ਛੇਤੀ ਹੀ ਦੇਸ਼ ਲਈ ਰੋਲ ਮਾਡਲ ਬਣ ਕੇ ਉਭਰੇਗਾ। ਸਤੰਬਰ 2023 ਵਿੱਚ ਸਰਕਾਰ-ਉਦਯੋਗ ਮਿਲਣੀਆਂ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਦਰਮਿਆਨ ਹੋਏ ਵਿਚਾਰ-ਵਟਾਂਦਰੇ ਤੋਂ ਸੈਕਟਰ ਅਧਾਰਤ 24 ਕਮੇਟੀਆਂ ਦੇ ਵਿਚਾਰ ਦਾ ਜਨਮ ਹੋਇਆ ਸੀ।ਮਾਨ ਨੇ ਕਿਹਾ ਕਿ ਇਹ ਕਮੇਟੀਆਂ ਹਰੇਕ ਉਦਯੋਗਿਕ ਸੈਕਟਰ ਲਈ ਵਿਸਥਾਰਤ ਰਣਨੀਤੀਆਂ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਉਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੌਜੂਦ ਜ਼ਿਆਦਾਤਰ ਸਨਅਤਕਾਰ ਇਨ੍ਹਾਂ ਕਮੇਟੀਆਂ ਮੈਂਬਰ ਵੀ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਮੂਹ ਪੰਜਾਬ ਦੇ ਉਦਯੋਗਿਕ ਭਵਿੱਖ ਲਈ ਰੂਪ-ਰੇਖਾ ਤਿਆਰ ਕਰਨਗੇ।ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਿਆਰ ਕਰਦੇ ਸਮੇਂ ਇਹ ਕਮੇਟੀਆਂ ਉਦਯੋਗਿਕ ਭਾਈਵਾਲਾਂ ਤੋਂ ਬਰਾਬਰ ਹਿੱਸੇਦਾਰੀ ਨੂੰ ਯਕੀਨੀ ਬਣਾਉਣਗੀਆਂ। ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਉਦਯੋਗ-ਪੱਖੀ ਨੀਤੀਆਂ ਬਣਾਉਣ ਵਿੱਚ ਸਰਗਰਮੀ ਨਾਲ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਨ।ਮਾਨ ਨੇ ਮਾਣ ਨਾਲ ਦੱਸਿਆ ਕਿ ਮਾਰਚ 2022 ਤੋਂ ਪੰਜਾਬ ਨੂੰ 1.14 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਰੁਜ਼ਗਾਰ ਦੇ 4.5 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਸ਼ਵਵਿਆਪੀ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਗਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂ ਕੇ, ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਵਰਗੇ ਦੇਸ਼ ਸੂਬੇ ਵਿੱਚ ਨਿਵੇਸ਼ ਲਈ ਡੂੰਘੀ ਦਿਲਚਸਪੀ ਦਿਖਾ ਰਹੇ ਹਨ।





