ਤਰਨ ਤਾਰਨ : ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਲੀਹੋਂ ਹਟਵੀਂ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਨਿੱਚਰਵਾਰ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ (ਏ ਡੀ ਐੱਸ ) ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ’ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਜੰਗ’ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਤਹਿਤ ਪੰਜਾਬ ਨੇ ਅੱਜ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ’ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।ਇਸ ਪ੍ਰੋਗਰਾਮ ਦੌਰਾਨ ਮੁੱਖ ਸਕੱਤਰ ਕੇ ਏ ਪੀ ਸਿਨਹਾ, ਡੀ ਜੀ ਪੀ ਗੌਰਵ ਯਾਦਵ ਤੇ ਹੋਰ ਮੌਜੂਦ ਸਨ।





