ਢਢੋਗਲ (ਧੂਰੀ) (ਮੋਹਿਤ ਗਰਗ, ਬਿੰਨੀ ਗਰਗ, ਮਨੋਹਰ ਸਿੰਘ ਸੱਗੂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ। ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ।ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟੇ ਵਰਗੇ ਨਸ਼ੇ ਫੈਲਾਉਣ, ਲੋਕਾਂ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭਿ੍ਰਸ਼ਟਾਚਾਰੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਵਰਗੀਆਂ ਅਲਾਮਤਾਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ। ਮਾਨ ਨੇ ਕਿਹਾ ਕਿ ਅੱਜ 17 ਕਰੋੜ 21 ਲੱਖ ਰੁਪਏ ਦੀ ਕੁੱਲ ਲਾਗਤ ਵਾਲੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੜਕ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾ ਰਹੀ ਹੈ, ਜੋ ਧੂਰੀ-ਅਮਰਗੜ੍ਹ ਰੋਡ ਤੋਂ ਧੂਰੀ-ਛੀਂਟਾ ਵਾਲਾ ਰੋਡ ਤੱਕ ਲਿੰਕ ਰੋਡ ਨੂੰ ਜੋੜਦੀ ਹੈ ਅਤੇ ਢਢੋਗਲ, ਬੁਰਜ ਗੋਹਰਾ, ਬੁਰਜ ਸੇਡਾ, ਚੀਮਾ, ਭੜੀ ਮਾਨਸਾ ਅਤੇ ਸਮੁੰਦਗੜ੍ਹ ਛੰਨਾ ਵਿੱਚੋਂ ਲੰਘਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੂਜੀ ਸੜਕ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈ ਜਾ ਰਹੀ ਹੈ, ਜੋ ਅਮਰਗੜ੍ਹ ਨੂੰ ਧੂਰੀ-ਬਾਗੜੀਆਂ ਰੋਡ ਨਾਲ ਜੋੜਦੀ ਹੈ ਅਤੇ ਢਢੋਗਲ, ਖੇੜੀ ਜੱਟਾਂ, ਲੋਹਾਰ ਮਾਜਰਾ ਅਤੇ ਈਸੀ (ਬਿਜਲੀ ਕਲੋਨੀ) ਵਿੱਚੋਂ ਲੰਘਦੀ ਹੈ। ਮਾਨ ਨੇ ਕਿਹਾ ਕਿ ਇਹ ਸੜਕਾਂ 18 ਫੁੱਟ ਚੌੜੀਆਂ ਹੋਣਗੀਆਂ ਅਤੇ ਠੇਕੇਦਾਰ ਪੰਜ ਸਾਲਾਂ ਲਈ ਸੜਕ ਦੇ ਰੱਖ-ਰਖਾਅ ਲਈ ਵੀ ਜ਼ਿੰਮੇਵਾਰ ਹੋਵੇਗਾ।





