ਸੰਵਿਧਾਨ ਤਹਿਤ ਆਜ਼ਾਦੀ ਦੇ ਨਾਲ-ਨਾਲ ਸਮੂਹਕ ਆਜ਼ਾਦੀ ਦਾ ਵੀ ਅਧਿਕਾਰ : ਪ੍ਰੋ. ਅਪੂਰਵਾਨੰਦ

0
97

ਪਟਿਆਲਾ (ਭੁਪਿੰਦਰਜੀਤ ਮੌਲਵੀਵਾਲਾ)
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਜਾ ਰਹੇ ਪਾਰਟੀ ਦੇ 25ਵੇਂ ਮਹਾਂ ਸੰਮੇਲਨ ਨੂੰ ਸਮਰਪਿਤ ਸੂਬੇ ਵਿੱਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਇਥੇ ‘ਭਾਰਤੀ ਸੰਵਿਧਾਨ ਅਤੇ ਜਮਹੂਰੀਅਤ; ਦਰਪੇਸ਼ ਚੁਣੌਤੀਆਂ’ ਵਿਸ਼ੇ ਉੱਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਮੁੱਖ ਬੁਲਾਰੇ ਦੇ ਤੌਰ ’ਤੇ ਪ੍ਰਸਿੱਧ ਆਲੋਚਕ ਅਤੇ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਪੂਰਵਾਨੰਦ, ਉੱਘੇ ਮਾਰਕਸੀ ਆਲੋਚਕ, ਪੱਤਰਕਾਰ ਅਤੇ ਮਹਾਂ ਸੰਮੇਲਨ ਦੀ ਸਵਾਗਤੀ ਕਮੇਟੀ ਦੇ ਚੇਅਰਮੈਨ ਡਾਕਟਰ ਸਵਰਾਜਬੀਰ ਨੇ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ।ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਦੀ ਦੇਖਰੇਖ ਹੇਠ ਹੋਏ ਇਸ ਸੈਮੀਨਾਰ ਦੀ ਸ਼ੁਰੂਆਤ ’ਚ ਕੌਮੀ ਕੌਂਸਲ ਮੈਂਬਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ 25ਵੇਂ ਮਹਾਂ ਸੰਮੇਲਨ ਦੀ ਤਿਆਰੀ ਲਈ ਪਟਿਆਲਾ ਵਿਖੇ ਕੀਤੇ ਜਾ ਰਹੇ ਇਸ ਸੈਮੀਨਾਰ ਵਿੱਚ ਵੱਖ-ਵੱਖ ਕਮਿਊਨਿਸਟ ਪਾਰਟੀਆਂ ਅਤੇ ਭਰਾਤਰੀ ਜਥੇਬੰਦੀਆਂ ਨਾਲ ਸੰਬੰਧਤ ਆਗੂਆਂ ਤੇ ਵਰਕਰਾਂ ਨੇ ਵੱਡੇ ਪੱਧਰ ਉੱਤੇ ਸ਼ਿਰਕਤ ਕੀਤੀ ਹੈ।ਸੈਮੀਨਾਰ ਦੀ ਪ੍ਰਧਾਨਗੀ ਕੁਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਨਿਹਾਲਗੜ੍ਹ, ਡਿਪਟੀ ਜਨਰਲ ਸੈਕਟਰੀ ਕੁਲਵੰਤ ਸਿੰਘ ਮੌਲਵੀਵਾਲਾ, ਕਾਮਰੇਡ ਸੁਖਦੇਵ ਸ਼ਰਮਾ, ਕਾ. ਕਸ਼ਮੀਰ ਸਿੰਘ ਗਦਾਈਆ, ਜਗਤਾਰ ਸਿੰਘ ਫਤਿਹਮਾਜਰੀ, ਦਵਿੰਦਰ ਨੰਗਲੀ, ਸਿਮਰਤ ਕੌਰ ਅਤੇ ਰਾਜ ਕੁਮਾਰ ’ਤੇ ਅਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ।
ਮੁੱਖ ਬੁਲਾਰੇ ਪ੍ਰੋਫੈਸਰ ਅਪੂਰਵਾਨੰਦ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਮਗਰੋਂ ਭਾਰਤੀ ਸੰਵਿਧਾਨ ਦੀ ਬੁਨਿਆਦ ਜਮਹੂਰੀਅਤ ਅਤੇ ਧਰਮ ਨਿਰਪੱਖਤਾ ਉੱਤੇ ਰੱਖੀ ਗਈ ਸੀ। ਸੰਵਿਧਾਨ ਹਰ ਇੱਕ ਦੇਸ਼ਵਾਸੀ ਨੂੰ ਆਜ਼ਾਦੀ ਨਾਲ ਰਹਿਣ ਅਤੇ ਜਿਉਣ ਦਾ ਅਧਿਕਾਰ ਦੇਣ ਦੇ ਨਾਲ-ਨਾਲ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ ਪਰ ਬਦਕਿਸਮਤੀ ਦੀ ਗੱਲ ਹੈ ਕਿ ਸੰਵਿਧਾਨ ਦੇ ਲਾਗੂ ਹੋਣ ਤੋਂ ਇੱਕ ਦਹਾਕੇ ਮਗਰੋਂ ਹੀ ਸੱਤਾ ਉੱਤੇ ਕਾਬਜ਼ ਲੋਕਾਂ ਵੱਲੋਂ ਸੰਵਿਧਾਨ ਨੂੰ ਮਲੀਆਮੇਟ ਕਰਕੇ ਲੋਕਾਂ ਨੂੰ ਮਿਲੇ ਹੱਕਾਂ ਦੇ ਖਾਤਮੇ ਦੀਆਂ ਚਾਲਾਂ ਚੱਲੀਆਂ ਜਾਂਦੀਆਂ ਰਹੀਆਂ ਹਨ।ਦੇਸ਼ ਵਿੱਚ ਐਮਰਜੈਂਸੀ ਲਾਗੂ ਕਰਕੇ ਲੋਕਾਂ ਦੀ ਜ਼ੁਬਾਨ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸੰਵਿਧਾਨ ਤਹਿਤ ਮਿਲੀ ਵੋਟ ਦੀ ਆਜ਼ਾਦੀ ਨੇ ਦੇਸ਼ ਵਾਸੀਆਂ ਨੂੰ ਮਿਲੇ ਅਧਿਕਾਰ ਬਚਾਈ ਰੱਖੇ।ਉਹਨਾਂ ਕਿਹਾ ਕਿ ਪਿਛਲੇ 11 ਸਾਲਾਂ ਤੋਂ ਦੇਸ਼ ਅੰਦਰ ਸੱਤਾ ਉੱਤੇ ਕਾਬਜ਼ ਫਾਸ਼ੀਵਾਦੀ ਤਾਕਤਾਂ ਵੱਲੋਂ ਧਰਮ ਦੇ ਨਾਂਅ ਉੱੱਤੇ ਲੋਕਤੰਤਰ ਅਤੇ ਦੇਸ਼ ਵਿਚਲੀ ਧਰਮ ਨਿਰਪੱਖਤਾ ਦੀ ਸ਼ਾਖ ਨੂੰ ਢਾਹ ਲਾਈ ਜਾ ਰਹੀ ਹੈ।ਮੁਸਲਮਾਨਾਂ, ਸਿੱਖਾਂ ਤੇ ਇਸਾਈਆਂ ਕੋਲੋਂ ਹਿੰਦੂਆਂ ਨੂੰ ਖਤਰਾ ਦੱਸਦਿਆਂ ਡਰ ਪੈਦਾ ਕਰਕੇ ਹਿੰਦੂਆਂ ਦੀਆਂ ਵੋਟਾਂ ਦਾ ਧਰੁਵੀਕਰਨ ਕੀਤਾ ਜਾ ਰਿਹਾ ਹੈ।ਆਰ ਐੱਸ ਐੱਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਮੁਸਲਿਮ ਜਲਾਦਾਂ ਵੱਲੋਂ ਕੀਤੇ ਗਏ ਕਤਲੇਆਮ ਨੂੰ ਨਫਰਤ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਹਰ ਇੱਕ ਦੇਸ਼ਵਾਸੀ ਨੂੰ ਆਜ਼ਾਦੀ ਦਾ ਅਧਿਕਾਰ ਦੇਣ ਦੇ ਨਾਲ-ਨਾਲ ਸਮੂਹਕ ਆਜ਼ਾਦੀ ਦਾ ਅਧਿਕਾਰ ਵੀ ਦਿੰਦਾ ਹੈ।ਇਸ ਲਈ ਧਰਮ ਦੇ ਨਾਂਅ ਉੱਤੇ ਸੰਵਿਧਾਨ ਨਾਲ ਕੀਤੀ ਜਾ ਰਹੀ ਛੇੜਛਾੜ ਬਰਦਾਸ਼ਤ ਤੋਂ ਬਾਹਰ ਹੈ।ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪਾਰਲੀਮੈਂਟ ਵਿੱਚ ਸੀਟਾਂ ਦੀ ਗਿਣਤੀ ਦੇ ਅਧਾਰ ’ਤੇ ਸੰਵਿਧਾਨ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ। ਡਾਕਟਰ ਸਵਰਾਜਬੀਰ ਨੇ ਪਾਸ਼ ਦੀ ਕਵਿਤਾ ਨਾਲ ਕੀਤੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੰਵਿਧਾਨ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਆਂਪਾਲਿਕਾ ਅਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਦੇ ਸਿਰ ਸੀ, ਪਰ ਬਦਕਿਸਮਤੀ ਦੀ ਗੱਲ ਹੈ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਜੁੰਡਲੀ ਦੇ ਇਸ਼ਾਰੇ ਉੱਤੇ ਬੀ ਜੇ ਪੀ ਵੱਲੋਂ ਰਾਜਾਂ ਦੀ ਸੱਤਾ ਉੱਤੇ ਕਾਬਜ਼ ਹੋਣ ਦੇ ਮਣਸ਼ੇ ਨਾਲ ਵੋਟਾਂ ਕੱਟੀਆਂ ਜਾ ਰਹੀਆਂ ਹਨ, ਨਕਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ ਪਰ ਦੇਸ਼ ਵਿੱਚ ਉਸ ਤਰੀਕੇ ਦਾ ਭੁਚਾਲ ਨਹੀਂ ਆਇਆ, ਜਿਹੜਾ ਅਜੋਕੇ ਸਮੇਂ ਵਿੱਚ ਆਉਣਾ ਚਾਹੀਦਾ ਸੀ। ਅਜਿਹਾ ਲੋਕ ਲਹਿਰਾਂ ਵਿੱਚੋਂ ਨਿਕਲੀਆਂ ਕਮਿਊਨਿਸਟ, ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ ਦੇ ਦੱਬ ਜਾਣ ਕਰਕੇ ਵਾਪਰ ਰਿਹਾ ਹੈ।ਉਹਨਾਂ ਕਮਿਊਨਿਸਟ ਆਗੂਆਂ ਤੇ ਵਰਕਰਾਂ ਖਿਲਾਫ ਭਾਜਪਾ ਵੱਲੋਂ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਲਈ ਲੜਨ ਵਾਲਿਆਂ ਨੂੰ ਪਹਿਲਾਂ ਨਕਸਲਬਾੜੀ ਅਤੇ ਹੁਣ ਅਰਬਨ ਨਕਸਲੀ ਕਹਿ ਕੇ ਝੂਠੇ ਪੁਲਸ ਮੁਕਾਬਲਿਆਂ ਵਿੱਚ ਮਾਰਿਆ ਜਾ ਰਿਹਾ ਹੈ।ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਵਿੱਚੋਂ ਉੱਠੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦਿਆਂ ਉਹਨਾਂ ਕਿਹਾ ਕਿ ਸੱਤਾ ਦੇ ਖਿਲਾਫ ਬੋਲਣ ਵਾਲੇ ਉਹਨਾਂ ਦੀਆਂ ਅੱਖਾਂ ਵਿੱਚ ਰੜਕਦੇ ਹਨ।ਉਨ੍ਹਾਂ ਕਿਸਾਨ ਅੰਦੋਲਨ ਅਤੇ ਉੱਤਰ ਪੂਰਬ ਸਮੇਤ ਮੱਧ ਭਾਰਤ ਵਿੱਚ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਅੰਦੋਲਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਾਗੇ ਹੋਏ ਲੋਕ ਕਦੇ ਵੀ ਸੰਵਿਧਾਨ ਦੀ ਬੁਨਿਆਦ ਨਾਲ ਛੇੜਛਾੜ ਨੂੰ ਬਰਦਾਸ਼ਤ ਨਹੀਂ ਕਰਨਗੇ।
ਬੰਤ ਸਿੰਘ ਬਰਾੜ ਨੇ ਪਾਰਟੀ ਮਹਾਂ ਸੰਮੇਲਨ ਮੌਕੇ 21 ਸਤੰਬਰ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਰੈਲੀ ਲਈ ਵਧ-ਚੜ੍ਹ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਸੰਵਿਧਾਨ ਦੀ ਰਾਖੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਸੀ ਪੀ ਆਈ ਭਾਰਤੀ ਕਮਿਊਨਿਸਟਾਂ ਦੀ ਮਾਂ ਪਾਰਟੀ ਹੈ।ਫਾਸ਼ੀਵਾਦੀ ਤਾਕਤਾਂ ਨੂੰ ਹਰਾਉਣ ਲਈ ਕਮਿਊਨਿਸਟ ਏਕਤਾ ਮੌਜੂਦਾ ਹਾਲਾਤ ਦੀ ਲੋੜ ਹੈ।ਇਸ ਦੌਰਾਨ ਪ੍ਰੋਫੈਸਰ ਬਲਬੀਰ ਸਿੰਘ ਬੱਲੀ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ।