ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ

0
85

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਚੇਤੇ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ 4 ਜੂਨ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 25 ਜੁਲਾਈ ਨੂੰ ਕੈਬਨਿਟ ਨੇ ਇਸ ਨੀਤੀ ਵਿੱਚ ਸੋਧਾਂ ਕੀਤੀਆਂ ਸਨ। ‘ਆਪ’ ਸਰਕਾਰ ਵੱਲੋਂ ਹੁਣ ਤੱਕ ਇਸ ਨੀਤੀ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾ ਰਿਹਾ ਸੀ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਇਸ ਨੀਤੀ ਖਿਲਾਫ ਬਿਗਲ ਵਜਾਇਆ ਹੋਇਆ ਸੀ। ਵਿਰੋਧੀ ਧਿਰਾਂ ਨੇ ਇਸ ਨੀਤੀ ਖਿਲਾਫ ਪ੍ਰੋਗਰਾਮ ਉਲੀਕੇ ਹੋਏ ਸਨ।
ਕਿਸਾਨਾਂ ਦੇ ਰੋਹ ਨੂੰ ਭਾਂਪਦਿਆਂ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦਾ ਫੈਸਲਾ ਕੀਤਾ ਗਿਆ ਸੀ।