ਚੰਡੀਗੜ੍ਹ : ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ’ਤੇ ਅਧਾਰਤ ਬਣੇ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ ਨੰ :24) ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ, ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਆਗੂਆਂ ਦੀ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਪ੍ਰਧਾਨਗੀ ਹੇਠ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਪੀ ਐੱਸ ਟੀ ਸੀ ਐੱਲ ਗੈੱਸਟ ਹਾਊਸ ਮੁਹਾਲੀ ਵਿਖੇ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਲਾਗੂ ਨਾ ਕਰਨ ਖਿਲਾਫ਼ 27 ਜੁਲਾਈ ਨੂੰ ਬਿਜਲੀ ਮੰਤਰੀ ਦੀ ਨਿਊ ਅੰਮਿ੍ਰਤਸਰ ਰਿਹਾਇਸ਼ ’ਤੇ ਰੋਸ ਧਰਨਾ ਲਗਾਉਣ ਉਪਰੰਤ 11 ਅਗਸਤ ਤੋਂ 13 ਅਗਸਤ ਤੱਕ ਸਮੁੱਚੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਦਫਤਰਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ 15 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਨ ਦੇ ਦਿੱਤੇ ਸੰਘਰਸ਼ ਦੇ ਸੱਦੇ ਦੇ ਮੱਦੇਨਜ਼ਰ ਬਿਜਲੀ ਮੰਤਰੀ ਅਤੇ ਪਾਵਰ ਮੈਨੇਜਮੈਂਟ ਨਾਲ 6 ਅਗਸਤ ਨੂੰ ਮੁਹਾਲੀ ਗੈੱਸਟ ਹਾਊਸ ਵਿਖੇ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ 8 ਅਗਸਤ ਨੂੰ ਪਾਵਰ ਮੈਨੇਜਮੈਂਟ ਨਾਲ ਮੁੱਖ ਦਫਤਰ ਪਟਿਆਲਾ ਵਿਖੇ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਵੀ ਮੰਗਾਂ ’ਤੇ ਸਹਿਮਤੀ ਨਾ ਬਣਨ ਕਾਰਨ ਪੈਦਾ ਹੋਏ ਡੈੱਡਲਾਕ ਤੋਂ ਬਾਅਦ 10 ਅਗਸਤ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਖਜ਼ਾਨਾ ਮੰਤਰੀ, ਬਿਜਲੀ ਮੰਤਰੀ ਅਤੇ ਪਾਵਰ ਮੈਨੇਜਮੈਂਟ ਦੀ ਮੁੜ ਮੁਲਾਜ਼ਮ ਜਥੇਬੰਦੀਆਂ ਨਾਲ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸਾਂਝੇ ਧੜੇ ਦੇ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ 6 ਅਤੇ 8 ਅਗਸਤ ਦੀਆਂ ਦੋ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਵਾਜਿਬ ਮੰਗਾਂ ਲਾਗੂ ਕਰਨ ਸੰਬੰਧੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਹਾਜ਼ਰੀ ਵਿੱਚ ਅਦਾਰੇ ਦੇ ਸੀ ਐੱਮ ਡੀ ਅਤੇ ਮੈਨੇਜਮੈਂਟ ਨਾਲ ਮੰਨੀਆਂ ਮੰਗਾਂ ਲਾਗੂ ਕਰਨ ਸੰਬੰਧੀ ਪਾਵਰ ਮੈਨੇਜਮੈਂਟ ਵੱਲੋਂ ਅਪਣਾਏ ਨਾਂਹ-ਪੱਖੀ ਰਵੱਈਏ ਕਾਰਨ ਐਤਵਾਰ ਦੀ ਅੱਧੀ ਰਾਤ ਨੂੰ ਗੱਲਬਾਤ ਟੁੱਟ ਜਾਣ ਤੋਂ ਬਾਅਦ ਸਮੁੱਚੇ ਬਿਜਲੀ ਮੁਲਾਜ਼ਮਾਂ ਦੇ ਤਿੰਨ ਦਿਨ ਹੜਤਾਲ ’ਤੇ ਜਾਣ ਬਾਰੇ ਆਗੂਆਂ ਨੇ ਕਿਹਾ ਕਿ 2 ਜੂਨ ਦੀ ਮੀਟਿੰਗ ਵਿੱਚ ਕਾਫੀ ਮੰਗਾਂ ’ਤੇ ਸਹਿਮਤੀ ਬਣੀ ਸੀ, ਜਿਸ ਨੂੰ ਲਾਗੂ ਕਰਨ ਲਈ ਪਾਵਰ ਮੈਨਜਮੈਂਟ ਨੇ 10 ਦਿਨ ਦਾ ਸਮਾਂ ਤਹਿ ਕੀਤਾ ਸੀ, ਪਰ ਲਗਭਗ 2 ਮਹੀਨੇ ਬੀਤ ਜਾਣ ਦੇ ਬਾਵਜੂਦ ਪਾਵਰ ਮੈਨੇਜਮੈਂਟ ਜਾਣਬੁੱਝ ਕੇ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਆਗੂਆਂ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਖਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਏ ਜਾਣ ਕਰਕੇ ਮੁਲਾਜ਼ਮਾਂ ਨੇ ਸੂਬਾ ਪੱਧਰ ’ਤੇ 70 ਪ੍ਰਤੀਸ਼ਤ ਹੜਤਾਲ ਵਿੱਚ ਹਿੱਸਾ ਲੈ ਕੇ ਬਿਜਲੀ ਦਫਤਰਾਂ ਵਿੱਚ ਮੈਨੇਜਮੈਂਟ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਆਗੂਆਂ ਕਿਹਾ ਕਿ ਬੇਸ਼ੱਕ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ, ਪਰ ਮੀਟਿੰਗ ਦੇ ਮਿੰਟਸ ਲਿਖਣ ਸਮੇਂ ਮੰਤਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਸਹਿਮਤੀਆਂ ਲਾਗੂ ਕਰਨ ਤੋਂ ਮੈਨੇਜਮੈਂਟ ਨੇ ਟਾਲਾ ਵੱਟ ਲਿਆ। ਆਗੂਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਹੁਤ ਹੀ ਮਹੱਤਵਪੂਰਨ ਮੰਗਾਂ ਵੱਟੇ-ਖਾਤੇ ਪਾਉਣ ਤੋਂ ਇਲਾਵਾ ਪਾਵਰ ਮੈਨੇਜਮੈਂਟ ਅਦਾਰੇ ਅੰਦਰ ਨਿੱਜੀਕਰਨ ਦੀ ਲੋਕ-ਵਿਰੋਧੀ ਨੀਤੀ ਨੂੰ ਲੁਕਵੇਂ ਤਰੀਕੇ ਨਾਲ ਲਾਗੂ ਕਰਨ ਦੀ ਨੀਤੀ ਤਹਿਤ ਅਦਾਰੇ ਵਿੱਚ ਪੰਜਾਹ ਹਜ਼ਾਰ ਦੇ ਕਰੀਬ ਖਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਨ ਦੀ ਬਜਾਏ ਖਤਮ ਕਰ ਰਹੀ ਹੈ।
ਇਸੇ ਤਰ੍ਹਾਂ 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ ਉਪਰ ਬਿਜਲੀ ਨਿਗਮ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਜਗ੍ਹਾ ਧੱਕੇ ਨਾਲ ਕੇਂਦਰੀ ਸਕੇਲ ਲਾਗੂ ਕੀਤਾ ਗਿਆ ਹੈ। ਹਰ ਰੋਜ਼ ਵਾਪਰ ਰਹੇ ਹਾਦਸਿਆਂ ਨਾਲ ਕਾਮਿਆਂ ਦੀਆਂ ਹੋ ਰਹੀਆਂ ਮੌਤਾਂ ’ਤੇ ਗੰਭੀਰਤਾ ਨਾਲ ਵਿਚਾਰ ਨਹੀਂ ਕੀਤਾ ਜਾ ਰਿਹਾ, ਸੋਲੇਸ਼ੀਅਮ ਪਾਲਿਸੀ ਰਾਹੀਂ ਭਰਤੀ ਕਰਮਚਾਰੀਆਂ ਤੋਂ ਮੋੜਨਯੋਗ ਰਕਮ ਉਪਰ 12 ਪ੍ਰਤੀਸ਼ਤ ਵਿਆਜ ਦੀ ਜਬਰੀ ਵਸੂਲੀ ਕਰਨ ਦੇ ਪੱਤਰ ਜਾਰੀ ਕਰਕੇ ਕਾਮਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਨ ਹਾਊਸ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਸਲੇ ਨੂੰ ਲਮਕਾ ਅਵਸਥਾ ਵਿੱਚ ਰੱਖ ਕੇ ਉਨ੍ਹਾਂ ਦਾ ਆਰਥਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਸੋਧੇ ਸਕੇਲ ਲਾਗੂ ਹੋਣ ਤੋਂ ਬਾਅਦ ਤਰੱਕੀ ਪਾ ਰਹੇ ਕਾਮਿਆਂ ਨੂੰ ਪੇ ਬੈਂਡ ਤੋਂ ਬਿਨਾਂ ਤਨਖਾਹ ਦਿੱਤੀ ਜਾ ਰਹੀ ਹੈ, ਗਰਿੱਡ ਸਟਾਫ, ਜੇ ਈ ਕੇਡਰ ਅਤੇ ਫੀਲਡ ਸਟਾਫ ਦੀਆਂ ਮੁਸ਼ਕਲਾਂ ਦਾ ਹੱਲ ਜਾਣਬੁੱਝ ਕੇ ਨਹੀਂ ਕੀਤਾ ਜਾ ਰਿਹਾ, ਆਨੇ-ਬਹਾਨੇ ਕਰਮਚਾਰੀਆਂ ਦੀਆਂ ਸਿਆਸੀ ਅਧਾਰ ’ਤੇ ਕੀਤੀਆਂ ਨਜਾਇਜ਼ ਬਦਲੀਆਂ ਰੱਦ ਨਹੀਂ ਕੀਤੀਆਂ ਗਈਆਂ, ਵੱਖ-ਵੱਖ ਸੀ ਆਰ ਏ ਰਾਹੀਂ ਭਰਤੀ ਲਾਈਨਮੈਨ/ ਐਸ ਐੱਸ ਏ ਕਰਮਚਾਰੀਆਂ ਦੇ ਕੰਟਰੈਕਟ ਸਮੇਂ ਦਾ ਲਾਭ ਨਾ ਦੇ ਕੇ ਮੁਲਾਜ਼ਮ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪੈਨਸ਼ਨਰਾਂ ਦੀ ਵਿਕਾਸ ਟੈਕਸ ਦੇ ਨਾਂਅ ’ਤੇ ਹਰੇਕ ਮਹੀਨੇ ਧੱਕੇ ਨਾਲ 200 ਰੁਪਏ ਦੀ ਕੀਤੀ ਜਾ ਰਹੀ ਕਟੌਤੀ ਬੰਦ ਨਹੀਂ ਕੀਤੀ ਜਾ ਰਹੀ। ਆਗੂਆਂ ਕਿਹਾ ਕਿ ਏ ਈ ਦੀ ਡਿਗਰੀ ਹੋਲਡਰ ਕੋਟੇ ਵਿੱਚ ਵਾਧੇ ਦੀ ਮੰਗ ਲਾਗੂ ਕਰਨ, ਭੱਤਿਆਂ ਵਿੱਚ ਵਾਧਾ ਕਰਨ, ਪਾਵਰਕਾਮ ਅਤੇ ਟ੍ਰਾਂਸਕੋ ਦੀਆਂ ਮਹਿਕਮਾਨਾ ਇਮਾਰਤਾਂ ਦੀ ਤਰਸਯੋਗ ਹਾਲਤ ਵਿੱਚ ਸੁਧਾਰ ਕਰਨ, ਦਫਤਰੀ ਕਰਮਚਾਰੀਆਂ ਲਈ ਵਾਤਾਵਰਨ ਦੇ ਅਨਕੂਲ ਦਫਤਰਾਂ ਵਿੱਚ ਬੈਠਣ ਦਾ, ਪੀਣ ਵਾਲੇ ਪਾਣੀ ਦਾ ਅਤੇ ਮਹਿਲਾ ਕਰਮਚਾਰੀਆਂ ਲਈ ਵੱਖਰੇ ਵਾਸ਼ਰੂਮ ਬਣਾਉਣ ਆਦਿ ਮੰਗਾਂ ਵੱਲ ਮੈਨੇਜਮੈਂਟ ਧਿਆਨ ਨਹੀਂ ਦੇ ਰਹੀ, ਜਿਸ ਦੇ ਰੋਸ ਵਜੋਂ ਮੁਲਾਜ਼ਮ ਅਤੇ ਪੈਨਸ਼ਨਰ 15 ਅਗਸਤ ਨੂੰ ਜ਼ਿਲ੍ਹਾ ਹੈੱਡ ਕੁਆਰਟਰ ਨੇੜਲੇ ਦਫਤਰਾਂ ਵਿੱਚ ਰੋਸ ਰੈਲੀ ਕਰਕੇ ਰੋਸ ਮਾਰਚ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ।
ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋ, ਜਸਵੀਰ ਸਿੰਘ ਆਂਡਲੂ, ਬਲਜੀਤ ਸਿੰਘ, ਰਵੇਲ ਸਿੰਘ ਸਹਾਏਪੁਰ, ਗੁਰਵਿੰਦਰ ਸਿੰਘ, ਸਰਿੰਦਰਪਾਲ ਲਹੌਰੀਆ, ਦਵਿੰਦਰ ਸਿੰਘ ਪਿਸ਼ੌਰ, ਸੁਖਵਿੰਦਰ ਸਿੰਘ ਚਾਹਲ, ਕਲਵਿੰੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਭਾਣਾ, ਸਿਕੰਦਰ ਨਾਥ, ਪਵਨਪ੍ਰੀਤ ਸਿੰਘ, ਗੁਰਤੇਜ ਸਿੰਘ, ਪੂਰਨ ਸਿੰਘ ਖਾਈ, ਇੰਜੀ. ਮਨਿੰਦਰ ਸਿੰਘ, ਬੀ ਐੱਸ ਸੇਖੋਂ, ਰਾਧੇ ਸ਼ਿਆਮ, ਕੌਰ ਸਿੰਘ ਸੋਹੀ ਆਦਿ ਆਗੂ ਵੀ ਮੀਟਿੰਗ ਵਿੱਚ ਹਾਜ਼ਰ ਹੋਏ।
ਬਿਜਲੀ ਮੰਤਰੀ ਦੀ ਅਪੀਲ
ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਾਵਰਕਾਮ ਦੇ ਹੜਤਾਲੀ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ ’ਤੇ ਵਾਪਸ ਪਰਤਣ ਦੀ ਅਪੀਲ ਕੀਤੀ ਹੈ। ਉਨ੍ਹਾ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ।





