ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਕਤੂਬਰ 2016 ਦੇ ਬਹਿਬਲ ਕਲਾਂ ਪੁਲਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਮੰਗਲਵਾਰ ਸਵਾ 11 ਵਜੇ ਪੇਸ਼ ਹੋਏ। ਉਨ੍ਹਾ ਤੋਂ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੰਜਾਬ ਪੁਲਸ ਆਫਿਸਰਜ਼ ਇੰਸਟੀਚਿਊਟ ’ਚ ਕਰੀਬ ਤਿੰਨ ਘੰਟਿਆਂ ਤੱਕ ਪੁੱਛਗਿਛ ਕੀਤੀ ਗਈ। ਸੂਤਰਾਂ ਮੁਤਾਬਕ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਪ੍ਰੋਟੈੱਸਟ ਕਰਨ ਵਾਲਿਆਂ ’ਤੇ ਪੁਲਸ ਨੂੰ ਤਾਕਤ ਦੀ ਵਰਤੋਂ ਦਾ ਹੁਕਮ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤਾ ਸੀ ਜਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ।
ਪੁੱਛਗਿਛ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਹਿਬਲ ਕਲਾਂ ਤੇ ਕੋਟਕਪੁਰਾ ਵਿਚ ਪੁਲਸ ਫਾਇਰਿੰਗ ਦੇ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ ਅਤੇ ਇਸਨੂੰ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਅਤੇ ਇਸ ਦੇ ਆਗੂ ਫਾਇਰਿੰਗ ਕੇਸਾਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਸੌੜੇ ਸਿਆਸੀ ਹਿੱਤਾਂ ਲਈ ਇਨ੍ਹਾਂ ਮਾਮਲਿਆਂ ’ਤੇ ਰਾਜਨੀਤੀ ਖੇਡ ਰਹੀ ਹੈ।
ਉਨ੍ਹਾ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ ਇਨ੍ਹਾਂ ਕੇਸਾਂ ਦੇ ਸਾਰੇ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਸਜ਼ਾਵਾਂ ਮਿਲਣ ਪਰ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਉਦੋਂ ਹੋ ਰਿਹਾ ਹੈ ਜਦੋਂ ਹਾਈ ਕੋਰਟ ਨੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੇਵਾਮੁਕਤੀ ਤੋਂ ਬਾਅਦ ਆਪਣੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਲਈ ਸਖ਼ਤ ਝਾੜ ਪਾਈ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਕੇਸਾਂ ਵਿਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਿਆਸੀ ਬਦਲਾਖੋਰੀ ’ਤੇ ਉਤਰ ਆਈ ਹੈ।
ਉਨ੍ਹਾ ਕਿਹਾਐਸ ਆਈ ਟੀ ਨੇ ਜਿਹੜੇ ਮੈਨੂੰ ਸਵਾਲ ਪੁੱਛੇ ਉਨ੍ਹਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ। ਇਨ੍ਹਾਂ ਦੇ ਜਵਾਬ ਸਰਕਾਰ ਕੋਲ ਹਨ ਪਰ ਇਸਦੇ ਬਾਵਜੂਦ ਉਹ ਅਕਾਲੀ ਦਲ ਅਤੇ ਇਸਦੇ ਆਗੂਆਂ ਨੂੰ ਬਦਨਾਮ ਕਰਨ ਵਾਸਤੇ ਇਹ ਕਾਰਵਾਈ ਕਰ ਰਹੀ ਹੈ।





