ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ 20 ਤੱਕ ਰੱਦ ਕਰੋ : ਐੱਸ ਕੇ ਐੱਮ

0
109

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਮੰਗਲਵਾਰ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਨੇ ਇੱਥੇ ਵਿਚਾਰ-ਚਰਚਾ ਕਰਕੇ ਫੈਸਲਾ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਸਰਕਾਰ ਉਦੋਂ ਤੱਕ ਸਥਿਤੀ ਸਪੱਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਕਿਸਾਨ ਮਹਾਂ ਰੈਲੀ ਕੀਤੀ ਜਾਵੇਗੀ, ਜਿੱਥੇ ਕਿਸਾਨਾਂ ਦੀਆਂ ਮੰਗਾਂ ਉੱਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ।