ਨਵੀਂ ਦਿੱਲੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੰਗਲਵਾਰ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਮਿਲੇ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ। ਉਨ੍ਹਾ ਭਾਰਤੀ ਕਮਿਊਨਿਸਟ ਪਾਰਟੀ (ਸੀ ਪੀ ਆਈ) ਦੇ ਹੈੱਡਕੁਆਰਟਰ ਵਿਖੇ ਪਾਰਟੀ ਦੇ ਜਨਰਲ ਸਕੱਤਰ ਡੀ ਰਾਜਾ ਅਤੇ ਫਿਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਵੀ ਮਿਲਣਾ ਸੀ। ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਨਿਤੀਸ਼ ਕੁਮਾਰ 2024 ਦੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੋਮਵਾਰ ਉਹ ਰਾਹੁਲ ਗਾਂਧੀ ਨੂੰ ਮਿਲੇ ਸਨ।




