ਫਤਿਹਗੜ੍ਹ ਸਾਹਿਬ (ਪ੍ਰਮੋਦ ਭਾਰਦਵਾਜ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮੇਲਨ ਵਿੱਚ ਵੀ ਸ਼ਿਰਕਤ ਕਰਨਗੇ।ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲ ਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ।ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜਰਬੇ ਸਾਂਝੇ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀਅਤ ਦਾ ਥੰਮ੍ਹ ਹਨ ਅਤੇ ਪਿੰਡਾਂ ਵਿੱਚ ਸਕੂਲਾਂ, ਡਿਸਪੈਂਸਰੀਆਂ, ਪਸ਼ੂ ਹਸਪਤਾਲਾਂ ਅਤੇ ਹੋਰ ਜਨਤਕ ਭਲਾਈ ਵਾਲੇ ਕਾਰਜਾਂ ਦਾ ਪ੍ਰਬੰਧ ਸਿੱਧੇ ਤੌਰ ’ਤੇ ਪੰਚਾਇਤਾਂ ਦੀ ਨਿਗਰਾਨੀ ਹੇਠ ਹੁੰਦਾ ਹੈ। ਉਨ੍ਹਾ ਕਿਹਾ ਕਿ ਅਜਿਹੀ ਸਿਖਲਾਈ ਸਰਪੰਚਾਂ ਤੇ ਪੰਚਾਂ ਲਈ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਰਪੰਚਾਂ ਤੇ ਪੰਚਾਂ ਵੱਲੋਂ ਨਾਂਦੇੜ ਵਿਖੇ ਤਖ਼ਤ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।





