ਪਟਿਆਲਾ. ਪੀ.ਆਰ.ਟੀ.ਸੀ. ਦੇ ਵਰਕਰਾਂ ਨੇ ਬੁੱਧਵਾਰ ਸਾਰੇ ਪੰਜਾਬ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੀ.ਆਰ.ਟੀ.ਸੀ. ਦੇ ਡਿਪੂਆਂ ਦੇ ਗੇਟਾਂ ਸਾਹਮਣੇ ਤਨਖਾਹ ਅਤੇ ਪੈਨਸ਼ਨ ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਰੈਲੀਆਂ ਕੀਤੀਆਂ। ਇਨ੍ਹਾਂ ਰੈਲੀਆਂ ਦਾ ਸੱਦਾ ਛੇ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਧਾਲੀਵਾਲ ਅਤੇ ਮੈਂਬਰਾਨ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖਟੜਾ, ਗੁਰਬਖਸ਼ਾ ਰਾਮ, ਤਰਸੇਮ ਸਿੰਘ ਅਤੇ ਮੁਹੰਮਦ ਖਲੀਲ ਵੱਲੋਂ ਦਿੱਤਾ ਗਿਆ ਸੀ।
ਪ੍ਰਾਪਤ ਰਿਪੋਰਟਾਂ ਅਨੁਸਾਰ ਪਟਿਆਲੇ ਤੋਂ ਇਲਾਵਾ ਚੰਡੀਗੜ੍ਹ, ਲੁਧਿਆਣਾ, ਕਪੂਰਥਲਾ, ਫਰੀਦਕੋਟ, ਬਰਨਾਲਾ, ਬਠਿੰਡਾ, ਬੁਢਲਾਡਾ ਅਤੇ ਸੰਗਰੂਰ ਵਿਖੇ ਪੀ.ਆਰ.ਟੀ.ਸੀ. ਦੇ ਦਫਤਰਾਂ ਦੇ ਸਾਹਮਣੇ ਭਰਵੀਆਂ ਰੋਸ ਰੈਲੀਆਂ ਹੋਈਆਂ। ਆਗੂਆਂ ਨੇ ਦੱਸਿਆ ਕਿ ਹੁਣ 16 ਸਤੰਬਰ ਨੂੰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਇੱਕ ਹਜ਼ਾਰ ਤੋਂ ਵੱਧ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਜੇਕਰ ਸਰਕਾਰ ਨੇ ਵਰਕਰਾਂ ਨੂੰ ਇਸੇ ਤਰ੍ਹਾਂ ਜ਼ਲੀਲ ਕਰਨਾ ਜਾਰੀ ਰੱਖਿਆ ਤਾਂ ਹੋਰ ਵੀ ਸਖਤ ਅਤੇ ਵਿਆਪਕ ਰੋਸ ਐਕਸ਼ਨ ਕਰਨ ਦਾ ਉਸੇ ਦਿਨ ਐਲਾਨ ਕੀਤਾ ਜਾਵੇਗਾ।
ਜਿਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਰੈਲੀਆਂ ਕੀਤੀਆਂ ਗਈਆਂ, ਉਹਨਾ ਵਿੱਚ ਤਨਖਾਹ-ਪੈਨਸ਼ਨ ਦੀ ਅਦਾਇਗੀ ਮਹੀਨੇ ਦੇ ਪਹਿਲੇ ਦਿਨ ਹਰ ਹਾਲਤ ਵਿੱਚ ਕਰਨਾ, ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕਰਨ ਦੇ ਦਾਇਰੇ ਤੋਂ ਬਾਹਰ ਰੱਖਣ ਦੇ ਵਿਰੋਧ ਵਿੱਚ, ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਦੀ ਬਜਾਏ ਆਪਣੀ ਮਾਲਕੀ ਵਾਲੀਆਂ ਬੱਸਾਂ ਪਾਉਣ ਲਈ, ਸਿੱਧੇ ਕੰਟਰੈਕਟ ਅਧੀਨ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕਰਵਾਉਣਾ, ਪ੍ਰਾਈਵੇਟ ਬੱਸ ਮਾਫੀਏ ਨੂੰ ਨਕੇਲ ਪਾਉਣੀ, ਆਪਣੀ ਮਾਲਕੀ ਵਾਲੀਆਂ 300 ਬੱਸਾਂ ਪੀ.ਆਰ.ਟੀ.ਸੀ. ਵਿੱਚ ਪਾਉਣ ਲਈ ਪੰਜਾਬ ਸਰਕਾਰ ਤੋਂ ਮੁਫ਼ਤ ਸਫਰ ਬਦਲੇ ਬਣਦੇ 200 ਕਰੋੜ ਤੋਂ ਵੱਧ ਦੀ ਰਕਮ ਵਸੂਲ ਕਰਨੀ, ਸੇਵਾ ਮੁਕਤੀ ਬਕਾਏ, ਮੈਡੀਕਲ ਬਿੱਲਾਂ ਦੀ ਅਦਾਇਗੀ ਅਤੇ ਹੋਰ ਕਈ ਕਿਸਮ ਦੇ ਬਕਾਏ ਅਦਾ ਕਰਨੇ ਆਦਿ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਆਪ ਦੀ ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋ ਰਹੀ ਹੈ।