ਨਵੀਂ ਦਿੱਲੀ : ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫੇ ਬਾਰੇ ਵਧਦੀਆਂ ਅਟਕਲਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਕਿਹਾ ਕਿ ਧਨਖੜ ਨੇ ਸਿਹਤ ਸਮੱਸਿਆਵਾਂ ਕਾਰਨ ਅਸਤੀਫਾ ਦਿੱਤਾ ਸੀ। ਉਨ੍ਹਾ ਵਿਰੋਧੀ ਧਿਰ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ਉਹ (ਧਨਖੜ) ਘਰ ਵਿੱਚ ਨਜ਼ਰਬੰਦ ਹਨ।
ਕੇਂਦਰੀ ਗ੍ਰਹਿ ਮੰਤਰੀ ਨੇ ਏ ਐੱਨ ਆਈ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ, ‘ਧਨਖੜ ਸਾਹਿਬ ਦਾ ਅਸਤੀਫਾ ਪੱਤਰ ਆਪਣੇ ਆਪ ਵਿੱਚ ਸਪੱਸ਼ਟ ਹੈ। ਉਨ੍ਹਾ ਆਪਣੇ ਅਸਤੀਫੇ ਲਈ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾ ਪ੍ਰਧਾਨ ਮੰਤਰੀ ਅਤੇ ਹੋਰ ਮੰਤਰੀਆਂ ਅਤੇ ਸਰਕਾਰੀ ਮੈਂਬਰਾਂ ਦਾ ਉਨ੍ਹਾ ਦੇ ਚੰਗੇ ਕਾਰਜਕਾਲ ਲਈ ਦਿਲੋਂ ਧੰਨਵਾਦ ਵੀ ਕੀਤਾ ਹੈ।’ ਧਨਖੜ ਨੂੰ ਘਰ ਵਿੱਚ ਨਜ਼ਰਬੰਦ ਕੀਤੇ ਜਾਣ, ਜਿਵੇਂ ਕਿ ਕੁਝ ਵਿਰੋਧੀ ਆਗੂਆਂ ਵੱਲੋਂ ਦਾਅਵਾ ਕੀਤਾ ਗਿਆ ਹੈ, ਬਾਰੇ ਪੁੱਛੇ ਜਾਣ ’ਤੇ ਸ਼ਾਹ ਨੇ ਕਿਹਾ ਕਿ ਸੱਚ ਅਤੇ ਝੂਠ ਦੀ ਵਿਆਖਿਆ ਸਿਰਫ ਵਿਰੋਧੀ ਧਿਰ ਦੇ ਬਿਆਨਾਂ ’ਤੇ ਨਿਰਭਰ ਨਹੀਂ ਹੋਣੀ ਚਾਹੀਦੀ। ਉਨ੍ਹਾ ਸਾਬਕਾ ਉਪ ਰਾਸ਼ਟਰਪਤੀ ਦੇ ਅਸਤੀਫੇ ਬਾਰੇ ਬੋਲੇੜਾ ਹੰਗਾਮਾ ਕਰਨ ਖਿਲਾਫ ਚੇਤਾਵਨੀ ਦਿੱਤੀ।
ਸ਼ਾਹ ਨੇ ਕਿਹਾ, ‘ਧਨਖੜ ਇੱਕ ਸੰਵਿਧਾਨਕ ਅਹੁਦੇ ’ਤੇ ਸਨ ਅਤੇ ਉਨ੍ਹਾ ਸੰਵਿਧਾਨ ਅਨੁਸਾਰ ਆਪਣੀਆਂ ਡਿਊਟੀਆਂ ਨਿਭਾਈਆਂ।
ਉਨ੍ਹਾ ਨਿੱਜੀ ਸਿਹਤ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ’ਤੇ ਜ਼ਿਆਦਾ ਚਰਚਾ ਨਹੀਂ ਹੋਣੀ ਚਾਹੀਦੀ।’
ਕਾਬਿਲੇਗੌਰ ਹੈ ਕਿ ਵਿਰੋਧੀ ਧਿਰਾਂ ਦੇ ਆਗੂਆਂ ਵੱਲੋਂ ਲਗਾਤਾਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ ਨੇ ਧਨਖੜ ਨੂੰ ਚੁੱਪ ਕਰਾ ਦਿੱਤਾ ਸੀ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਉਪ ਰਾਸ਼ਟਰਪਤੀ ਨੂੰ ਉਨ੍ਹਾ ਦੇ ਅਸਤੀਫੇ ਦੇ ਨਾਲ ਹੀ ਚੁੱਪ ਕਰਵਾ ਦਿੱਤਾ ਗਿਆ ਹੋਵੇ। ਸੁਪਰੀਮ ਕੋਰਟ ਦੇ ਵਕੀਲ ਅਤੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਵੀ ਇਹ ਸਵਾਲ ਉਠਾਇਆ ਸੀ ਕਿ ਕੀ ਧਨਖੜ ਦੀ ਜਨਤਕ ਤੌਰ ’ਤੇ ਗੈਰਹਾਜ਼ਰੀ ਨੂੰ ਦੇਖਦੇ ਹੋਏ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਜਾਣੀ ਚਾਹੀਦੀ ਹੈ। ਜਗਦੀਪ ਧਨਖੜ ਨੇ 21 ਜੁਲਾਈ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਇਹ ਕਹਿੰਦੇ ਹੋਏ ਅਸਤੀਫਾ ਦੇ ਦਿੱਤਾ, ‘ਉਹ ਸਿਹਤ ਸੰਭਾਲ ਨੂੰ ਤਰਜੀਹ ਦੇਣਾ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨਾ ਚਾਹੁੰਦੇ ਹਨ।’



