ਅੰਮਿ੍ਰਤਸਰ/ਰਈਆ (ਨਰਿੰਦਰ ਜੀਤ ਸਿੰਘ/ਡੀ ਕੇ ਰੈਡੀ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ। ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਹੋਰ ਸਾਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ।
ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾ ਕਿਹਾ ਕਿ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ।ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ, ਕਿਉਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ।ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਉਨ੍ਹਾ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ, ਤਾਂ ਜੋ ਪ੍ਰਭਾਵਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ।ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।





