ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉੱਚ-ਤਾਕਤੀ ਕਮੇਟੀ ਦਾ ਗਠਨ

0
72

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਇਕ ਉੱਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਅਧਾਰ ’ਤੇ ਨਿਗਰਾਨੀ ਕਰੇਗੀ।ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਅਧਾਰਿਤ ਕਮੇਟੀ ਅੰਮਿ੍ਰਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਉਚ-ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਹੜ੍ਹ ਪੀੜਤਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦਿੱਤਾ ਜਾਵੇ। ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦੇ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਤਿਆਰ ਰਹਿਣ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡਾਂ ਵਿੱਚ ਸਾਫ਼ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪਾਣੀ ਦੇ ਟੈਂਕਰਾਂ ਨੂੰ ਉਦੋਂ ਤੱਕ ਸੇਵਾ ਲਈ ਲਾਇਆ ਜਾਵੇ, ਜਦੋਂ ਤੱਕ ਜਲ ਸਪਲਾਈ ਸਕੀਮਾਂ ਰਾਹੀਂ ਸਪਲਾਈ ਪੂਰੀ ਤਰ੍ਹਾਂ ਬਹਾਲ ਨਹੀਂ ਹੋ ਜਾਂਦੀ।