ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਦੱਸਿਆ ਕਿ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਗਿਆ ਹੈ।ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐੱਨ ਡੀ ਆਰ ਐੱਫ, ਐੱਸ ਡੀ ਆਰ ਅੱੈਫ, ਫੌਜ ਅਤੇ ਪੰਜਾਬ ਪੁਲਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ।ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ 122 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਤ ਹੋਏ ਹਨ। ਮੀਂਹ ਤੇ ਹੜ੍ਹਾਂ ਕਾਰਨ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਵੀ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਹੋਰ ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਪੰਜਾਬ ਦਾ ਪਾਣੀ ਪਾਕਿਸਤਾਨ ਵੱਲ ਵਧੇਗਾ ਤਾਂ ਹੀ ਇੱਥੇ ਹਾਲਾਤ ਸੁਧਰ ਸਕਦੇ ਹਨ। ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਘਨੌਰ ਨੇੜਲੇ ਕੁਝ ਪਿੰਡਾਂ ਦੇ ਖੇਤਾਂ ਵਿੱਚ ਵੀ ਪਾਣੀ ਦਾਖਲ ਹੋ ਗਿਆ ਹੈ, ਜਦੋਂ ਕਿ ਅੱਗੇ ਸਮਾਣਾ, ਸ਼ੁਤਰਾਣਾ ਅਤੇ ਹੋਰ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਘੱਗਰ ਨੇੜੇ ਰਹਿਣ ਵਾਲੇ ਲੋਕਾਂ ਨੇ ਆਪੋ-ਆਪਣਾ ਸਾਮਾਨ ਸਾਂਭਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਗਿਆਨੀਆਂ ਨੇ ਪਹਿਲੀ ਸਤੰਬਰ ਨੂੰ ਵੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।




