ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ, ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰ ਸਰਕਾਰ ’ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ। ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਾਸਤੇ ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਜਾਰੀ ਕੀਤਾ 50 ਲੱਖ ਰੁਪਏ ਦਾ ਚੈੱਕ ਦਿਖਾਉਦਿਆਂ ਕਿਹਾ ਕਿ ਜਦੋਂ ਪੰਜਾਬ ਸਰਕਾਰ, ਇਸ ਦੇ ਵਿਭਾਗ ਅਤੇ ਸੂਬੇ ਦੇ ਲੋਕ ਸਮੂਹਿਕ ਤੌਰ ’ਤੇ ਇਸ ਕੁਦਰਤੀ ਆਫ਼ਤ ਨਾਲ ਨਜਿੱਠ ਰਹੇ ਹਨ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾ ਇਸ ਗੱਲ ’ਤੇ ਨਿਰਾਸ਼ਾ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ, ਜੋ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਵੀ ਟਵੀਟ ਕਰਦੇ ਹਨ, ਨੇ ਪੰਜਾਬ ਨੂੰ ਪ੍ਰਭਾਵਤ ਕਰਨ ਵਾਲੀ ਕੁਦਰਤੀ ਆਫ਼ਤ ਬਾਰੇ ਇੱਕ ਵੀ ਸ਼ਬਦ ਨਹੀਂ ਕਿਹਾ। ਉਨ੍ਹਾ ਪੰਜਾਬ ਭਾਜਪਾ ਦੇ ਆਗੂਆਂ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ, ’ਤੇ ਵੀ ਨਿਸ਼ਾਨਾ ਸਾਧਿਆ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਕਾਰਵਾਈ ਕਰਨ ਦੀ ਅਪੀਲ ਕਰਨ ਦੀ ਬਜਾਏ ਸਮਰਾਲਾ ਵਿੱਚ ਸਿਆਸੀ ਰੈਲੀਆਂ ਵਿੱਚ ਰੁਝੇ ਹੋਏ ਹਨ। ਉਨ੍ਹਾ ਕਿਹਾਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਰਵੱਈਏ ’ਤੇ ਸ਼ਰਮ ਆਉਣੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦਿਖਾਉਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਸ ਵਿੱਚ ਜੀ ਐੱਸ ਟੀ ਮੁਆਵਜ਼ੇ, ਆਰ ਡੀ ਐੱਫ ਅਤੇ ਐੱਮ ਡੀ ਐੱਫ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਸੂਬੇ ਦੇ ਬਕਾਇਆ 60,000 ਕਰੋੜ ਰੁਪਏ ਤੋਂ ਵੱਧ ਫੰਡਾਂ ਦਾ ਵੇਰਵਾ ਦਿੱਤਾ ਗਿਆ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਯਕੀਨੀ ਬਣਾਉਣ ਲਈ ਸੂਬਾ ਆਫ਼ਤ ਪ੍ਰਤੀਕਿਰਿਆ ਫੰਡ (ਐੱਸ ਡੀ ਆਰ ਐੱਫ) ਅਤੇ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੰਡ (ਐੱਨ ਡੀ ਆਰ ਐੱਫ) ਤਹਿਤ ਸਹਾਇਤਾ ਪ੍ਰਦਾਨ ਕਰਨ ਦੇ ਨਿਯਮਾਂ ਵਿੱਚ ਸੋਧਾਂ ਲਈ ਵੀ ਅਪੀਲ ਕੀਤੀ ਸੀ। ਉਨ੍ਹਾ ਕਿਹਾ ਕਿ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਨਾਲ ਫ਼ੋਨ ’ਤੇ ਗੱਲ ਤਾਂ ਕੀਤੀ, ਪਰ ਬਕਾਇਆ ਫੰਡ ਜਾਰੀ ਕਰਨ ਜਾਂ ਹੜ੍ਹ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਬਾਰੇ ਕੋਈ ਭਰੋਸਾ ਨਹੀਂ ਦਿੱਤਾ।ਉਹਨਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਕੋਸ਼ਿਸ਼ਾਂ ਨੂੰ ਵੀ ਸਰਾਹਿਆ, ਜਿਨ੍ਹਾ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਪਾਰਟੀ ਆਗੂਆਂ ਨੂੰ ਲਾਮਬੰਦ ਕੀਤਾ ਹੈ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾ ਪੁਸ਼ਟੀ ਕੀਤੀ ਕਿ ਹੁਣ ਤੱਕ 29 ਜਾਨਾਂ ਜਾ ਚੁੱਕੀਆਂ ਹਨ ਅਤੇ ਡਿਪਟੀ ਕਮਿਸ਼ਨਰ ਨੁਕਸਾਨ ਦਾ ਸਰਵੇਖਣ ਕਰਨ ਵਿੱਚ ਸਰਗਰਮੀ ਨਾਲ ਲੱਗੇ ਹੋਏ ਹਨ। ਹਾਲਾਂਕਿ, ਉਨ੍ਹਾ ਜ਼ੋਰ ਦੇ ਕੇ ਕਿਹਾ ਕਿ ਤੁਰੰਤ ਤਰਜੀਹ ਰਾਹਤ ਸਮੱਗਰੀ ਪਹੁੰਚਾਉਣ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਣ ਦੀ ਹੈ।




