ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

0
94

ਹੁਸ਼ਿਆਰਪੁਰ (ਬਲਬੀਰ ਸਿੰਘ ਸੈਣੀ, ਓਮ ਪ੍ਰਕਾਸ਼ ਰਾਣਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ’ਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿਆਣੀ ਦੇ ਰਾਹਤ ਕੈਂਪ ਵਿਖੇ ਰਹਿ ਰਹੇ ਹੜ੍ਹ ਪੀੜਤ ਪਰਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੀਆਂ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਸੂਬਾ ਸਰਕਾਰ ਨੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਜੰਗੀ ਪੱਧਰ ਕਾਰਜ ਵਿੱਢਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਰਾਹਤ ਕਾਰਜਾਂ ਲਈ ਪਹਿਲਾਂ ਹੀ ਵਿਆਪਕ ਪੱਧਰ ’ਤੇ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦੇਣ ਲਈ ਪਹਿਲਾਂ ਹੀ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਪੈਦਾ ਹੋਈ ਸਥਿਤੀ ’ਤੇ ਉਹ ਨਿਰੰਤਰ ਨਜ਼ਰ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਰਾੜਾ ਪੁਲ ਤੇ ਹੋਰ ਥਾਵਾਂ ਦਾ ਦੌਰਾ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਕੋਲ ਸੂਬੇ ਦੇ ਰੁਕੇ ਹੋਏ 60,000 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਹਾਲ ਵਿੱਚ ਆਏ ਹੜ੍ਹਾਂ ਨਾਲ 1000 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲੱਖਾਂ ਲੋਕਾਂ ਦਾ ਜਨ-ਜੀਵਨ ਲੀਹੋਂ ਲਹਿ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਨਾਲ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਉਨ੍ਹਾਂ ਕਿਹਾ ਕਿ ਸਥਿਤੀ ਗੰਭੀਰ ਹੋ ਰਹੀ ਹੈ ਅਤੇ ਇਹ ਹੋਰ ਵੀ ਚਿੰਤਾਜਨਕ ਹੈ ਕਿ ਆਉਦੇ ਦਿਨਾਂ ਵਿੱਚ ਹਾਲਾਤ ਹੋਰ ਖਰਾਬ ਹੋ ਸਕਦੇ ਹਨ।ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਲਗਪਗ ਤਿੰਨ ਲੱਖ ਏਕੜ ਖੇਤੀਬਾੜੀ ਜ਼ਮੀਨ ਮੁੱਖ ਤੌਰ ’ਤੇ ਝੋਨੇ ਦੇ ਖੇਤ, ਹੜ੍ਹ ਦੇ ਪਾਣੀ ਨਾਲ ਡੁੱਬੇ ਹੋਏ ਹਨ, ਜਿਸ ਕਾਰਨ ਵਾਢੀ ਤੋਂ ਕੁਝ ਹਫ਼ਤੇ ਪਹਿਲਾਂ ਹੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਨੂੰ ਪੂਰਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਲੋਕਾਂ ਦੀ ਮਦਦ ਲਈ ਜੁਟੇ ਹੋਏ ਹਨ।
ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿੱਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੇ ਨਾਲ-ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ, ਖੰਡ, ਚੌਲ, ਆਟਾ, ਘਿਓ, ਦੁੱਧ ਪਾਊਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਮੋਬਾਈਲ ਮੈਡੀਕਲ ਯੂਨਿਟ ਤਾਇਨਾਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਆਪਕ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਦੇ ਨਾਲ-ਨਾਲ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮਦਦ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹੀ ਸਥਿਤੀ ਨਾਲ ਪੂਰੀ ਸਮਰੱਥਾ ਨਾਲ ਨਜਿੱਠੇਗੀ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਵੀ ਮੌਜੂਦ ਸਨ।