ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁਸ਼ਕਲ ਭਰੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ। ਕੇਜਰੀਵਾਲ ਨੇ ਐੱਕਸ ’ਤੇ ਇਕ ਪੋਸਟ ਵਿੱਚ ਕਿਹਾ ਕਿ ਦੇਸ਼ ’ਤੇ ਜਦੋਂ ਵੀ ਕੋਈ ਮੁਸੀਬਤ ਆਈ ਹੈ ਤਾਂ ਪੰਜਾਬ ਨੇ ਹਮੇਸ਼ਾ ਮੋਹਰੀ ਹੋ ਕੇ ਉਸ ਮੁਸੀਬਤ ਨੂੰ ਆਪਣੇ ਪਿੰਡੇ ’ਤੇ ਹੰਢਾਇਆ ਹੈ, ਪਰ ਅੱਜ ਜਦੋਂ ਪੰਜਾਬ ਸੰਕਟ ਵਿੱਚ ਹੈ ਤਾਂ ਕੋਈ ਵੀ ਪੰਜਾਬ ਦੀ ਮਦਦ ਲਈ ਅੱਗੇ ਨਹੀਂ ਆ ਰਿਹਾ ਹੈ। ਉਨ੍ਹਾ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇ। ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੀ ਇੱਕ-ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਿੱਤੀ ਹੈ।




