ਪਟਿਆਲਾ : ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਅਧਾਰਤ ਪੀ ਐੱਸ ਈ ਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਪੰਜਾਬ, ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪੱਧਰ ਦੇ ਆਗੂਆਂ ਦੀ ਹੰਗਾਮੀ ਆਨਲਾਈਨ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਰਕੇ ਬਹੁਤ ਹੀ ਨਾਜ਼ੁਕ ਅਤੇ ਗੰਭੀਰ ਸਥਿਤੀ ਦੇ ਚੱਲਦਿਆਂ ਲੋਕਾਂ ਦੇ ਹੋਏ ਜਾਨੀ-ਮਾਲੀ ਨੁਕਸਾਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ।ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਅੰਦਰ ਕੁਦਰਤੀ ਕਰੋਪੀ ਅਤੇ ਸਰਕਾਰਾਂ ਵੱਲੋਂ ਸਮੇਂ ਸਿਰ ਢੁਕਵੇਂ ਅਤੇ ਲੋੜੀਂਦੇ ਪ੍ਰਬੰਧ ਨਾ ਕਰਨ ਦੇ ਕਾਰਨ ਪੰਜਾਬ ਦੇ ਸੈਂਕੜੇ ਪਿੰਡਾਂ ਵਿੱਚ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਜਿਨ੍ਹਾਂ ਦਾ ਬਹੁਤ ਵੱਡੇ ਪੱਧਰ ’ਤੇ ਘਰਾਂ ਦੀਆਂ ਬਿਲਡਿੰਗਾਂ ਅਤੇ ਕੀਮਤੀ ਸਾਜ਼ੋ-ਸਾਮਾਨ, ਖਾਣ-ਪੀਣ ਦੀਆਂ ਵਸਤਾਂ ਸਮੇਤ ਫਸਲਾਂ ਅਤੇ ਪਸ਼ੂਆਂ ਦਾ ਬਹੁਤ ਭਾਰੀ ਨੁਕਸਾਨ ਹੋ ਗਿਆ ਹੈ, ਉਨ੍ਹਾਂ ਦੇ ਮੁੜ ਵਸੇਬੇ ਲਈ ਬਹੁਤ ਵੱਡੇ ਉਪਰਾਲੇ ਦੀ ਲੋੜ ਨੂੰ ਮਹਿਸੂਸ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਕ ਦਿਨ ਦੀ ਤਨਖਾਹ ਅਤੇ ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਸਤੰਬਰ ਮਹੀਨੇ ਦੀ ਤਨਖਾਹ ਵਿੱਚੋਂ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀ ਇੱਕ ਦਿਨ ਦੀ ਤਨਖਾਹ ਦੀ ਕਟੌਤੀ ਕਰਵਾ ਕੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣਗੇ ਤਾਂ ਜੋ ਪੰਜਾਬ ਵਾਸੀਆਂ ਦੀ ਇਸ ਔਖੀ ਘੜੀ ਵਿੱਚ ਆਰਥਿਕ ਮਦਦ ਕੀਤੀ ਜਾ ਸਕੇ। ਮੀਟਿੰਗ ਵਿੱਚ ਇਹ ਫੈਸਲਾ ਵੀ ਕੀਤਾ ਗਿਆ ਕਿ ਜਥੇਬੰਦੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਉਣ ਵਾਲੇ ਸਮੇਂ ਵਿੱਚ ਮੈਡੀਕਲ ਕੈਂਪ ਲਗਵਾਉਣ ਤੋਂ ਇਲਾਵਾ ਬਿਪਤਾ ਮਾਰੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ ’ਤੇ ਵੀ ਉਪਰਾਲੇ ਕੀਤੇ ਜਾਣਗੇ।
ਮੀਟਿੰਗ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਾਹੌਰੀਆ, ਗੁਰਭੇਜ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਰਣਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਚਾਹਲ, ਜਸਵੀਰ ਸਿੰਘ ਆਂਡਲੂ, ਇੰਜੀ: ਹਰਮਨਦੀਪ, ਕੌਰ ਸਿੰਘ ਸੋਹੀ, ਮਨਜੀਤ ਸਿੰਘ ਚਾਹਲ, ਰਾਧੇ ਸ਼ਿਆਮ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਦਲੀਪ ਕੁਮਾਰ, ਬੀ ਐੱਸ ਸੇਖੋਂ, ਚਮਕੌਰ ਸਿੰਘ, ਬਾਬਾ ਅਮਰਜੀਤ ਸਿੰਘ, ਸਰਬਜੀਤ ਸਿੰਘ ਭਾਣਾ, ਮਹਿੰਦਰ ਸਿੰਘ ਰੂੜੇਕੇ, ਤੇਜਿੰਦਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਦੁੱਮਣਾ ਆਦਿ ਆਗੂਆਂ ਨੇ ਹਿੱਸਾ ਲਿਆ।



