ਡੇਰਾ ਬਾਬਾ ਨਾਨਕ. (ਰਮੇਸ਼ ਸ਼ਰਮਾ)
ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਸ਼ੁੱਕਰਵਾਰ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਅੰਮਿ੍ਰਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੀ ਸਨ। ਸੰਜੇ ਸਿੰਘ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਵੇਰੇ ਸਭ ਤੋਂ ਪਹਿਲਾਂ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਦੀਆਂ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਕੇ ਔਖੀ ਘੜੀ ਵਿੱਚ ਉਸ ਦੀ ਬਾਂਹ ਫੜਨੀ ਚਾਹੀਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ।
ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ ਪੰਜਾਬ ’ਚ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਵੇ। ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਜਸਵੰਤ ਸਿੰਘ ਨੰਬਰਦਾਰ, ਪ੍ਰਦੀਪ ਸਿੰਘ ਆੜ੍ਹਤੀਆ, ਗੁਰਦੇਵ ਸਿੰਘ ਸ਼ਾਹਪੁਰ ਯੂਥ ਆਗੂ ਵੀ ਮੌਜੂਦ ਸਨ।





