ਚੰਡੀਗੜ੍ਹ (ਗੁਰਜੀਤ ਬਿੱਲਾ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਗਲਵਾਰ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਤ ਪੰਜਾਬ ਦੀ ਫੇਰੀ ਮੌਕੇ ਸੂਬੇ ਲਈ ਫੌਰੀ ਤੌਰ ’ਤੇ 20 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ ਫੋਟੋਆਂ ਖਿਚਵਾ ਕੇ ਹੀ ਵਾਪਸ ਨਾ ਚਲੇ ਜਾਣ, ਬਲਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਕੋਈ ਰਾਹਤ ਪੈਕੇਜ ਜ਼ਰੂਰ ਦੇਣ।
ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ 23 ਜ਼ਿਲ੍ਹਿਆਂ ਦੇ 2000 ਤੋਂ ਵੱਧ ਪਿੰਡ ਪ੍ਰਭਾਵਤ ਹੋ ਚੁੱਕੇ ਹਨ, ਜਿੱਥੇ ਸਾਢੇ ਚਾਰ ਲੱਖ ਏਕੜ ਦੇ ਕਰੀਬ ਫਸਲਾਂ ਅਸਰਅੰਦਾਜ਼ ਹੋਈਆਂ ਹਨ ਅਤੇ ਚਾਰ ਦਰਜਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਪੰਜਾਬ ਵਿੱਚ 20 ਹਜ਼ਾਰ ਕਰੋੜ ਰੁਪਏ ਦੇ ਕਰੀਬ ਦਾ ਨੁਕਸਾਨ ਹੋ ਚੁੱਕਾ ਹੈ। ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।





