20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ

0
95

ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਵਿੱਚ ਹਿੱਸਾ ਲਿਆ, ਜਿਸ ’ਚ ਹੜ੍ਹ ਪ੍ਰਭਾਵਤ ਇਲਾਕੇ ਦੇ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ-ਰੇਤ ਨੂੰ ਚੁੱਕਣ ਲਈ ‘ਜਿਸ ਦਾ ਖੇਤ ਉਸ ਦੀ ਰੇਤ’ ਮੁਹਿੰਮ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਨਾਲ ਕਿਸਾਨ ਆਪਣੇ ਖੇਤਾਂ ਵਿੱਚੋਂ ਗਾਰ ਦੇ ਰੂਪ ਵਿਚ ਆਈ ਰੇਤ ਚੁੱਕ ਕੇ ਅੱਗੇ ਵੇਚ ਸਕਣਗੇ। ਇਸ ਗੱਲ ਦਾ ਪ੍ਰਗਟਾਵਾ ਮਾਨ ਨੇ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਕਰਕੇ ਆਪਣੇ ਜੀਅ ਗੁਆਉਣ ਵਾਲੇ ਪਰਵਾਰਾਂ ਨੂੰ 4 ਲੱਖ ਰੁਪਏ ਪ੍ਰਤੀ ਵਿਅਕਤੀ ਮੁਆਵਜ਼ਾ ਦੇਵੇਗੀ। ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ ਹਨ, ਉਸ ਬਾਰੇ ਸਰਵੇ ਕਰਵਾਇਆ ਜਾਵੇਗਾ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਤ ਇਲਾਕੇ ਦੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚੋਂ ਲਏ ਕਰਜ਼ੇ ਦੀ ਅਦਾਇਗੀ ਲਈ ਛੇ ਮਹੀਨੇ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਛੇ ਮਹੀਨੇ ਕੋਈ ਕਿਸ਼ਤ ਭਰਨ ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਵੱਲੋਂ ਕਿਸਾਨਾਂ ਨੂੰ ਪਸ਼ੂਆਂ ਅਤੇ ਹੋਰ ਜਾਨਵਰਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਤ ਇਲਾਕੇ ਵਿੱਚ ਬਿਮਾਰੀਆਂ ਰੋਕਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ 1700 ਪਿੰਡਾਂ ਵਿੱਚ ਫੋਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾ ਕਿਹਾ ਕਿ ਹਰੇਕ ਪਿੰਡ ਵਿੱਚ ਡਾਕਟਰਾਂ ਦੀ ਵਿਸ਼ੇਸ਼ ਟੀਮ ਆਵੇਗੀ ਅਤੇ ਲੋਕਾਂ ਦਾ ਇਲਾਜ ਕਰੇਗੀ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਤ ਇਲਾਕਿਆਂ ਵਿੱਚ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਰਕੇ ਬਿਜਲੀ ਵਿਭਾਗ ਦੇ ਟਰਾਂਸਫਾਰਮਰਾਂ ਅਤੇ ਹੋਰ ਵਧੇਰੇ ਨੁਕਸਾਨ ਹੋ ਗਿਆ ਹੈ। ਇਸ ਦਾ ਵੀ ਸਰਵੇ ਕਰਵਾ ਕੇ ਭਵਿੱਖ ਦੀ ਯੋਜਨਾ ਤਿਆਰ ਕੀਤੀ ਜਾਵੇਗੀ।