ਮੋਦੀ ਵੱਲੋਂ ਹਵਾਈ ਸਰਵੇਖਣ ਤੋਂ ਬਾਅਦ ਪੰਜਾਬ ਨੂੰ 1600 ਕਰੋੜ ਤੇ ਹਿਮਾਚਲ ਨੂੰ 1500 ਕਰੋੜ ਦੇਣ ਦਾ ਐਲਾਨ
ਚੰਡੀਗੜ੍ਹ/ਗੁਰਦਾਸਪੁਰ/ਡੇਰਾ ਬਾਬਾ ਨਾਨਕ
(ਗੁਰਜੀਤ ਬਿੱਲਾ/ਦਿਨੇਸ਼/ਰਮੇਸ਼ ਸ਼ਰਮਾ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾ ਕਿਹਾ ਕਿ ਮਿ੍ਰਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਦੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਵੱਲੋਂ ਐਲਾਨੇ ਰਾਹਤ ਪੈਕੇਜ ਨੂੰ ਪੰਜਾਬ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਕਿਹਾ ਹੈ। ਕੈਬਨਿਟ ਮੰਤਰੀ ਤੇ ਆਪ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਕੇ ਚਲੇ ਗਏ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਵੱਡਾ ਮਜ਼ਾਕ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮੰਗਲਵਾਰ ਪੰਜਾਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪੁੱਜੇ, ਜਿੱਥੇ ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਮੋਦੀ ਨੇ ਇੱਥੇ ਐੱਨ ਡੀ ਆਰ ਐੱਫ ਟੀਮ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹਨਾ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਕਿਸਾਨਾਂ ਨੇ ਮੋਦੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਸਾਲ 2023 ਦਾ ਵੀ ਮੁਆਵਜ਼ਾ ਨਹੀਂ ਮਿਲਿਆ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਸੁਨੀਲ ਜਾਖੜ ਵੀ ਮੌਜੂਦ ਸਨ। ਪੰਜਾਬ ਵਿਚ ਸਾਲ 1988 ਤੋਂ ਬਾਅਦ ਹੁਣ ਹੜ੍ਹਾਂ ਨਾਲ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ।
ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਦਿਨ ਦੇ ਦੌਰੇ ’ਤੇ ਆਏ ਹਨ। ਉਹਨਾ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਜ਼ਮੀਨੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਮੋਦੀ ਨੇ ਹਿਮਾਚਲ ਦੇ ਹੜ੍ਹ ਅਤੇ ਮੀਂਹ ਦੇ ਝੰਬੇ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮਿ੍ਰਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਾ ਮੁਆਵਜ਼ਾ ਵੀ ਐਲਾਨਿਆ ਹੈ। ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਪ੍ਰਭਾਵਤ ਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਦਾ ਹਵਾਈ ਜਾਇਜ਼ਾ ਲਿਆ। ਉਹ ਆਫ਼ਤ ਪ੍ਰਭਾਵਤ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਕਾਂਗੜਾ ਪਹੁੰਚੇ। ਕਾਂਗੜਾ ਦੇ ਗੱਗਲ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਉਹਨਾ ਦਾ ਸਵਾਗਤ ਕੀਤਾ। ਹਿਮਾਚਲ ਸਰਕਾਰ ਅਨੁਸਾਰ ਰਾਜ ਨੂੰ 4500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ, ਜਦੋਂ ਕਿ 370 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 41 ਅਜੇ ਵੀ ਲਾਪਤਾ ਹਨ। ਸਭ ਤੋਂ ਵੱਧ ਨੁਕਸਾਨ ਲੋਕ ਨਿਰਮਾਣ ਵਿਭਾਗ ਨੂੰ ਹੋਇਆ ਹੈ, ਕਿਉਂਕਿ ਸੜਕਾਂ ਅਤੇ ਪੁਲਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ।





