ਡੇਰਾ ਬਾਬਾ ਨਾਨਕ (ਰਮੇਸ਼ ਸ਼ਰਮਾ)
ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੀਰਵਾਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਉਨ੍ਹਾ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਤ ਪਰਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਕ ਸਹਾਇਤਾ ਦੇ ਚੈੱਕ ਦਿੱਤੇ। ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਰੁਪਿੰਦਰਜੀਤ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਕਲਾਨੌਰ ਮੈਡਮ ਜਯੋਤਸਨਾ ਸਿੰਘ, ਐੱਸ ਡੀ ਐੱਮ ਡੇਰਾ ਬਾਬਾ ਨਾਨਕ ਡਾ. ਆਦਿਤਯ ਸ਼ਰਮਾ, ਐੱਸ ਡੀ ਐੱਮ ਫਤਿਹਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਓਥੇ ਉਨ੍ਹਾ ਵੱਲੋਂ ਆਪਣੇ ਵੱਲੋਂ ਆਪਣੇ ਦੋਸਤਾਂ ਦੇ ਸਹਿਯੋਗ ਨਾਲ ਵੀ ਹੜ੍ਹ ਪੀੜਤਾਂ ਦੀ ਆਰਥਕ ਮਦਦ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਉਨ੍ਹਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪੀੜਤ ਪਰਵਾਰਾਂ ਨੂੰ 50-50 ਹਜ਼ਾਰ ਰੁਪਏ ਦੇ 10 ਚੈੱਕ ਦਿੱਤੇ ਗਏ ਹਨ, ਜਦਕਿ ਬੀਤੇ ਕੱਲ੍ਹ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ 10 ਪਰਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ। ਉਨ੍ਹਾ ਕਿਹਾ ਕਿ ਜੇਕਰ ਕਿਸੇ ਨੂੰ ਵੀ ਸਿਹਤ ਸੰਬੰਧੀ ਕੋਈ ਮੁਸ਼ਕਲ ਪੇਸ਼ ਆਉਦੀ ਹੈ ਤਾਂ ਉਹ ਸਿਹਤ ਵਿਭਾਗ ਦੇ ਹੈੱਲਪ ਲਾਈਨ ਨੰਬਰ 104 ਉਪਰ ਸੰਪਰਕ ਕਰ ਸਕਦੇ ਹਨ। ਸਿਹਤ ਮੰਤਰੀ ਨੇ ਸਿਹਤ ਵਿਭਾਗ ਵੱਲੋਂ ਲਗਾਏ ਮੈਡੀਕਲ ਕੈਂਪਾਂ ਦਾ ਨਿਰੀਖਣ ਵੀ ਕੀਤਾ ਅਤੇ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸ਼ਾਬਾਸ਼ ਵੀ ਦਿੱਤੀ। ਉਨ੍ਹਾ ਧਰਮ ਪਤਨੀ ਦੇ ਨਾਲ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾ ਵੱਲੋਂ ਜਿੱਥੇ ਪੰਜਾਬ ਸਰਕਾਰ ਦੀ ਤਰਫੋਂ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਓਥੇ ਉਨ੍ਹਾ ਆਪਣੀ ਜੇਬ ਵਿੱਚੋਂ ਵੀ ਹੜ੍ਹ ਪੀੜਤਾਂ ਦੀ ਮਦਦ ਕੀਤੀ ਹੈ।





