ਪੱਟੀ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਐਸ ਡੀ ਐਮ ਪੱਟੀ ਦੇ ਦਫ਼ਤਰ ਅੱਗੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ।
ਧਰਨੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਦਿਆਲ ਸਿੰਘ ਲੋਹਕਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਕੋਟ ਧਰਮਚੰਦ ਨੇ ਕੀਤੀ।
ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਤੇ ਮਰਦਾਂ ਨੇ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਪੰਜਾਬ ਅੰਦਰ ਭਾਰੀ ਵਰਖਾ ਤੇ ਹੜ੍ਹਾਂ ਕਾਰਨ ਵੱਡੇ ਪੱਧਰ ਤੇ ਇਨਸਾਨੀ ਮੌਤਾਂ ਤੋਂ ਇਲਾਵਾ ਘਰਾਂ, ਪਸ਼ੂਆਂ, ਅਨਾਜ, ਫਸਲਾਂ ਤੇ ਜ਼ਮੀਨਾਂ ਦੀ ਬਰਾਬਾਦੀ ਹੋਈ ਹੈ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ, ਫੌਰੀ ਰਾਹਤ ਵਜੋਂ ਸਭਨਾਂ ਲੋਕਾਂ ਲਈ ਤਰਪਾਲਾਂ ਦਾ ਪ੍ਰਬੰਧ ਕਰ ਕੇ ਦਿੱਤਾ ਜਾਵੇ ਤੇ ਮਜ਼ਦੂਰਾਂ ਦੇ ਘਰ ਢਹਿ ਗਏ ਹਨ, ਇਹਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਜੇਕਰ ਹੱਕੀ ਅਤੇ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਜਥੇਬੰਦੀਆਂ ਦੇ ਸੀਨੀਅਰ ਆਗੂ ਸਵਿੰਦਰ ਸਿੰਘ ਚੱਕ, ਅੰਗਰੇਜ਼ ਸਿੰਘ ਲੋਹਕਾ, ਚੰਦ ਸਿੰਘ ਤੂਤ, ਬਿੱਕਰ ਸਿੰਘ ਨੱਥੂ ਚੱਕ, ਪੰਜਾਬ ਨਿਰਮਾਣ ਯੂਨੀਅਨ ਦੇ ਸੀਨੀਅਰ ਆਗੂ ਧਰਮ ਸਿੰਘ ਪੱਟੀ,ਜਸਵੰਤ ਸਿੰਘ ਸੀਤੋ, ਸੱਤਪਾਲ ਸ਼ਰਮਾ ਪੱਟੀ,ਪ੍ਰਵੀਨ ਰਾਣੀ,ਜਗਤਾਰ ਸਿੰਘ ਆਸਲ ਵੀ ਹਾਜ਼ਰ ਸਨ।




