ਚੰਡੀਗੜ੍ਹ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜੋ ਸੰਸਦ ਮੈਂਬਰ ਕੰਗਨਾ ਲਈ ਵੱਡਾ ਝਟਕਾ ਹੈ। ਕੰਗਨਾ ਰਣੌਤ ਨੇ ਬਠਿੰਡਾ ਦੀ ਅਦਾਲਤ ਵਿਚ ਦਾਇਰ ਅਪਰਾਧਿਕ ਸ਼ਿਕਾਇਤ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਕੰਗਨਾ ਨੇ ਸਿਰਫ਼ ਰੀਟਵੀਟ ਹੀ ਨਹੀਂ ਕੀਤਾ, ਬਲਕਿ ਉਸ ’ਚ ਮਸਾਲਾ ਵੀ ਪਾਇਆ। ਬੈਂਚ ਨੇ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਗਨਾ ਰਣੌਤ ਦੀ ਪਟੀਸ਼ਨ ਰੱਦ ਹੋਣ ਨਾਲ ਹੁਣ ਬਠਿੰਡਾ ਦੇ ਜੁਡੀਸ਼ਲ ਮੈਜਿਸਟਰੇਟ (ਫ਼ਸਟ ਕਲਾਸ) ਦੀ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਰਾਹ ਪੱਧਰਾ ਹੋ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਮਾਈ ਮਹਿੰਦਰ ਕੌਰ ਨੂੰ ਕਿਸਾਨ ਘੋਲ ’ਚ 100 ਰੁਪਿਆ ਭਾੜਾ ਲੈ ਕੇ ਕੁੱਦਣ ਵਾਲੀ ਔਰਤ ਦੱਸਿਆ ਸੀ। ਕੰਗਨਾ ਨੇ ਉਸ ਦੀ ਫ਼ੋਟੋ ਵੀ ਸਾਂਝੀ ਕੀਤੀ ਸੀ।



