ਕਾਠਮੰਡੂ : ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਿ੍ਰਮ ਸਰਕਾਰ ਦੀ ਅਗਵਾਈ ਕਰੇਗੀ ਇਹ ਐਲਾਨ ਨੇਪਾਲ ਦੇ ਰਾਸ਼ਟਰਪਤੀ ਦਫਤਰ ਨੇ ਕੀਤਾ ਹੈ। ਇਸ ਤਰ੍ਹਾਂ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੇ ਅਸਤੀਫੇ ਤੋਂ ਬਾਅਦ ਪੈਦਾ ਹੋਈ ਰਾਜਸੀ ਬੇਯਕੀਨੀ ਖਤਮ ਹੋਣ ਦੇ ਆਸਾਰ ਬਣ ਗਏ ਹਨ। ਰਾਸ਼ਟਰਪਤੀ ਦਫਤਰ ਨੇ ਕਿਹਾ ਹੈ ਕਿ ਕਾਰਕੀ ਨੂੰ ਛੇਤੀ ਪ੍ਰਧਾਨ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਰਾਸ਼ਟਰਪਤੀ ਦੇ ਨਜ਼ਦੀਕੀ ਸੂਤਰਾਂ ਅਨੁਸਾਰ ਪੌਡੇਲ ਇਸ ਸਮੇਂ ਵੱਖ-ਵੱਖ ਸਿਆਸੀ ਆਗੂਆਂ ਦੇ ਨਾਲ-ਨਾਲ ਸੰਵਿਧਾਨਕ ਮਾਹਰਾਂ ਨਾਲ ਮੌਜੂਦਾ ਸਿਆਸੀ ਜਮੂਦ ’ਚੋਂ ਬਾਹਰ ਨਿਕਲਣ ਦਾ ਰਸਤਾ ਲੱਭਣ ਲਈ ਸਲਾਹ-ਮਸ਼ਵਰਾ ਕਰ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਨਵੀਂ ਸਰਕਾਰ ਬਣਾਉਣ ਲਈ ਦੋ ਵਿਕਲਪਾਂ ’ਤੇ ਵਿਚਾਰ ਕੀਤਾ ਗਿਆ। ਸੰਸਦ ਨੂੰ ਭੰਗ ਕਰਨਾ ਜਾਂ ਇਸ ਨੂੰ ਬਰਕਰਾਰ ਰੱਖਣਾ। ਹਾਲਾਂਕਿ ਅੰਦੋਲਨਕਾਰੀ ਸਮੂਹ ਸੰਵਿਧਾਨਕ ਢਾਂਚੇ ਦੇ ਅੰਦਰ ਹੱਲ ਲੱਭਣ ਲਈ ਸਹਿਮਤ ਹੋ ਗਿਆ ਹੈ। ਇਸ ਦੌਰਾਨ ਕਰਫਿਊ ਵਿੱਚ ਸਵੇਰੇ 7 ਵਜੇ ਤੋਂ 11 ਵਜੇ ਤੱਕ ਚਾਰ ਘੰਟਿਆਂ ਲਈ ਢਿੱਲ ਦਿੱਤੀ ਗਈ ਹੈ। ਦੇਸ਼ ਭਰ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਪਾਬੰਦੀਆਂ ਦੇ ਹੁਕਮ ਲਾਗੂ ਰਹਿਣਗੇ, ਜਿਸ ਤੋਂ ਬਾਅਦ ਅਗਲੇ ਦਿਨ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਮੁੜ ਸ਼ੁਰੂ ਹੋਣ ਤੋਂ ਪਹਿਲਾਂ ਦੋ ਘੰਟੇ ਦੀ ਢਿੱਲ ਹੋਵੇਗੀ। ਸੋਸ਼ਲ ਮੀਡੀਆ ਉੱਪਰ ਪਾਬੰਦੀ ਵਿਰੁੱਧ ਵੱਡੀ ਪੱਧਰ ’ਤੇ ਹੋਏ ਪ੍ਰਦਰਸ਼ਨਾਂ ਉਪਰੰਤ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਸੋਸ਼ਲ ਮੀਡੀਆ ’ਤੇ ਪਾਬੰਦੀ ਹਾਲਾਂ ਕਿ ਸੋਮਵਾਰ ਰਾਤ ਨੂੰ ਹਟਾ ਦਿੱਤੀ ਗਈ ਸੀ। ਵਿਰੋਧ ਪ੍ਰਦਰਸ਼ਨਾਂ ਦੇ 5ਵੇਂ ਦਿਨ 17 ਮੌਤਾਂ ਦੀ ਪੁਸ਼ਟੀ ਹੋਣ ਨਾਲ ਨੇਪਾਲ ਵਿੱਚ ਹਿੰਸਾ ’ਚ ਮਰਨ ਵਾਲਿਆਂ ਦੀ ਗਿਣਤੀ 51 ਹੋ ਗਈ ਹੈ। ਇਨ੍ਹਾਂ ਵਿੱਚ ਗਾਜ਼ੀਆਬਾਦ ਦੀ ਰਹਿਣ ਵਾਲੀ ਇਕ ਭਾਰਤੀ ਔਰਤ ਵੀ ਸ਼ਾਮਿਲ ਹੈ।





