ਚੋਣ ਕਮਿਸ਼ਨ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਔਖਾ

0
60

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਭਰ ਵਿੱਚ ਸਮੇਂ-ਸਮੇਂ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਦਾ ਕੋਈ ਵੀ ਨਿਰਦੇਸ਼ ਚੋਣ ਕਮਿਸ਼ਨ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗਾ। ਇਸ ਸੰਬੰਧੀ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕੀਤਾ, ਜਿਸ ਵਿਚ ਕਿਹਾ ਗਿਆ ਕਿ ਉਸ ਦਾ ਇਸ ਵਿਚ ਸੋਧ ਕਰਨ ਦਾ ਪੂਰਾ ਅਧਿਕਾਰ ਹੈ। ਇਸ ਸੰਬੰਧੀ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਸ ਨੇ ਅਦਾਲਤ ਤੋਂ ਚੋਣ ਕਮਿਸ਼ਨ ਨੂੰ ਪੂਰੇ ਭਾਰਤ ਵਿੱਚ ਖਾਸ ਤੌਰ ’ਤੇ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਭਾਰਤੀ ਨਾਗਰਿਕ ਹੀ ਦੇਸ਼ ਦੀ ਰਾਜਨੀਤੀ ਅਤੇ ਨੀਤੀ ਬਾਰੇ ਫੈਸਲਾ ਕਰਨ। ਚੋਣ ਕਮਿਸ਼ਨ ਨੇ ਕਿਹਾ ਕਿ ਉਹ ਵੋਟਰ ਸੂਚੀਆਂ ਵਿਚ ਪਾਰਦਰਸ਼ਤਾ, ਪਵਿੱਤਰਤਾ ਤੇ ਅਖੰਡਤਾ ਬਾਰੇ ਪੂਰੀ ਤਰ੍ਹਾਂ ਸੁਚੇਤ ਹੈ। ਇਸ ਕਰ ਕੇ ਕਮਿਸ਼ਨ ਨੇ ਇਸ ਸਾਲ 24 ਜੂਨ ਨੂੰ ਕਈ ਸੂਬਿਆਂ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਕਰਨ ਦਾ ਫੈਸਲਾ ਲਿਆ ਸੀ। ਇਸੇ ਤਹਿਤ ਚੋਣ ਕਮਿਸ਼ਨ ਨੇ 5 ਜੁਲਾਈ ਨੂੰ ਬਿਹਾਰ ਨੂੰ ਛੱਡ ਕੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਲਈ ਗਤੀਵਿਧੀਆਂ ਸ਼ੁਰੂ ਕਰਨ ਲਈ ਕਿਹਾ ਸੀ। ਚੋਣ ਕਮਿਸ਼ਨ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਕੋਲ ਵੋਟਰ ਸੂਚੀਆਂ ਦੀ ਤਿਆਰੀ ਅਤੇ ਸੁਧਾਈ ਦੀ ਨਿਗਰਾਨੀ ਕਰਨ ਲਈ ਸੰਵਿਧਾਨਕ ਅਤੇ ਕਾਨੂੰਨੀ ਸ਼ਕਤੀਆਂ ਹਨ। ਦੇਸ਼ ਭਰ ਵਿੱਚ ਨਿਯਮਤ ਵਕਫੇ ’ਤੇ ਵਿਸ਼ੇਸ਼ ਮੁੜ ਸੁਧਾਈ ਕਰਵਾਉਣ ਦਾ ਕੋਈ ਵੀ ਨਿਰਦੇਸ਼ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਦਖਲਅੰਦਾਜ਼ੀ ਹੋਵੇਗੀ। ਸੁਪਰੀਮ ਕੋਰਟ ਨੇ 8 ਸਤੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਆਪਕ ਸੁਧਾਈ ਵਿੱਚ ਵੋਟਰਾਂ ਦੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਲਾਜ਼ਮੀ ਤੌਰ ’ਤੇ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਦਾਲਤ ਨੇ ਚੋਣ ਕਮਿਸ਼ਨ ਨੂੰ 9 ਸਤੰਬਰ ਤੱਕ ਇਸ ਨਿਰਦੇਸ਼ ਨੂੰ ਲਾਗੂ ਕਰਨ ਲਈ ਕਿਹਾ ਸੀ।