ਗਾਰ ਤੇ ਮਲਬਾ ਹਟਾਉਣ ਦਾ ਕੰਮ 24 ਤੱਕ ਮੁਕੰਮਲ ਕਰਨ ਦੀ ਹਦਾਇਤ

0
122

ਚੰਡੀਗੜ੍ਹ (ਗੁਰਜੀਤ ਬਿੱਲਾ)
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ’ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਪੰਚਾਇਤ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਕਾਰਜਾਂ ਦੇ ਲਾਗੂ ਕਰਨ ਲਈ ਸਰਕਾਰ ਨੇ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਹਨ, ਜਿਸ ਵਿੱਚ ਮਲਬੇ ਦੀ ਸਫਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਪੂਰਾ ਕਰਨਾ, ਜਨਤਕ ਸੰਪਤੀ ਦੀ ਮਾਮੂਲੀ ਮੁਰੰਮਤ ਦਾ ਕਾਰਜ 15 ਅਕਤੂਬਰ ਤੋਂ ਪਹਿਲਾਂ ਪੂਰਾ ਕਰਨਾ ਅਤੇ ਛੱਪੜਾਂ ਦੀ ਸਫਾਈ 22 ਅਕਤੂਬਰ ਤੱਕ ਪੂਰਾ ਕਰਨਾ ਲਾਜ਼ਮੀ ਹੈ।
ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਉਹਨਾ ਨਿਰਦੇਸ਼ ਦਿੱਤੇ ਹਨ ਕਿ ਸਾਰੇ ਪ੍ਰਭਾਵਤ ਖੇਤਰਾਂ ਵਿੱਚ ਫੌਰੀ ਆਧਾਰ ’ਤੇ ਫੌਗਿੰਗ ਕਾਰਜ ਸ਼ੁਰੂ ਕੀਤੇ ਜਾਣ। ਉਨ੍ਹਾ ਦੱਸਿਆ ਕਿ ਇਸ ਨੂੰ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਪ੍ਰਤੀ ਪੰਚਾਇਤ ਸੰਮਤੀ ਲਈ ਪੰਜ ਫੌਗਿੰਗ ਮਸ਼ੀਨਾਂ ਕੰਮ ਵਿੱਚ ਲਗਾਈਆਂ ਜਾਣਗੀਆਂ। ਉਨ੍ਹਾ ਦੱਸਿਆ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹਰੇਕ ਪ੍ਰਭਾਵਤ ਪਿੰਡ ਵਿੱਚ ਕੰਮਾਂ ਨੂੰ ਅੰਤਿਮ ਰੂਪ ਦੇਣ ਲਈ ਵਿਸ਼ੇਸ਼ ਗ੍ਰਾਮ ਸਭਾ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਵਿੱਚ ਸਭ ਤੋਂ ਜ਼ਰੂਰੀ ਕੰਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਸਾਰੇ ਪ੍ਰੋਜੈਕਟਾਂ ਲਈ ਪਹਿਲਾਂ ਅਤੇ ਬਾਅਦ ਦੀਆਂ ਫੋਟੋਆਂ ਦਾ ਰਿਕਾਰਡ ਰੱਖਿਆ ਜਾਵੇਗੀ ਅਤੇ ਇੱਕ ਵਾਰ ਕੰਮ ਪੂਰਾ ਹੋਣ ਤੋਂ ਬਾਅਦ ਖਰਚਿਆਂ ਦੀ ਸਮੀਖਿਆ ਅਤੇ ਕੰਮ ਪੂਰਾ ਹੋਣ ਦੀ ਪੁਸ਼ਟੀ ਲਈ ਮੁੜ ਗ੍ਰਾਮ ਸਭਾ ਦੀ ਮੀਟਿੰਗ ਬੁਲਾਈ ਜਾਵੇਗੀ।