19.6 C
Jalandhar
Friday, November 22, 2024
spot_img

ਮਾਨ ਨੇ ਹਾਈ ਕਮਿਸ਼ਨਰ ਕੋਲ ਚੰਡੀਗੜ੍ਹ-ਹੀਥਰੋ ਸਿੱਧੀ ਉਡਾਨ ਦਾ ਮੁੱਦਾ ਚੁੱਕਿਆ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਤੇ ਬਰਤਾਨੀਆ ਨੇ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ ਟੀ), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟਿ੍ਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ ਹੈ |
ਵੀਰਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਬਰਤਾਨੀਆ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਵਿਚਾਲੇ ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ | ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ, ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ |
ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ | ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ |
ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ | ਇਹ ਉਡਾਨ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ | ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਨਾਂ ਸ਼ੁਰੂ ਹੋ ਜਾਣਗੀਆਂ |
ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸੰਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ | ਉਨ੍ਹਾ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿ੍ੜ੍ਹ ਸੰਕਲਪ ਹੈ | ਏਲਿਸ ਨੇ ਮੁੱਖ ਮੰਤਰੀ ਦੀ ਭਿ੍ਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ | ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਸੀ ਈ ਓ ਇਨਵੈਸਟ ਪੰਜਾਬ ਕੇ ਕੇ ਯਾਦਵ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ |

Related Articles

LEAVE A REPLY

Please enter your comment!
Please enter your name here

Latest Articles