ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਮੰਗਲਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਵਿੱਚ ਓ ਆਰ ਐੱਸ, ਮੱਛਰ ਮਾਰ ਦਵਾਈ, ਪੈਰਾਸਿਟਾਮੋਲ, ਸਿਟਰਾਜ਼ਿਨ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਮੁੱਢਲੀ ਡਾਕਟਰੀ ਸਹਾਇਤਾ ਦੀ ਸਪਲਾਈ ਸ਼ਾਮਲ ਹੈ। ਇਸ ਦਾ ਟੀਚਾ 20 ਸਤੰਬਰ ਤੱਕ ਹਰੇਕ ਘਰ ਤੱਕ ਪਹੁੰਚ ਕਰਨਾ ਹੈ।ਉਨ੍ਹਾ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਦੇ ਮੰਤਵ ਨਾਲ 21 ਦਿਨਾਂ ਫੌਗਿੰਗ ਕਰਨ ਅਤੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ 14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਮਾਨ ਨੇ ਪ੍ਰਭਾਵਤ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਫੌਗਿੰਗ ਦੀ ਵਕਾਲਤ ਕੀਤੀ। ਉਨ੍ਹਾ ਕਿਹਾ ਕਿ ਸਫ਼ਾਈ ਦੇ ਕੰਮ 21 ਸਤੰਬਰ ਤੱਕ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਪਸ਼ੂਆਂ ਦੇ ਵਾੜਿਆਂ ਤੇ ਫੀਡ ਰੱਖਣ ਵਾਲੀਆਂ ਥਾਵਾਂ ਦੀ ਸਫ਼ਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੋਟਾਸ਼ੀਅਮ ਪਰਮੈਗਨਾਈਟ ਦੀ ਵੰਡ ਵੀ ਮੁਫ਼ਤ ਵਿੱਚ ਕੀਤੀ ਜਾ ਰਹੀ ਹੈ, ਤਾਂ ਕਿ ਪਸ਼ੂਆਂ ਦੇ ਵਾੜਿਆਂ ਤੇ ਪਾਣੀ ਪਿਲਾਉਣ ਵਾਲੀਆਂ ਥਾਵਾਂ ਬਿਮਾਰੀਆਂ ਤੋਂ ਮੁਕਤ ਹੋਣ। ਉਨ੍ਹਾ ਕਿਹਾ ਕਿ ਹੁਣ ਤੱਕ ਹੜ੍ਹ ਪ੍ਰਭਾਵਤ ਪਿੰਡਾਂ ਦੇ ਕੈਂਪਾਂ ਵਿੱਚ 14780 ਪਸ਼ੂਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਚੁੱਕਾ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਹੋਰ ਹਾਜ਼ਰ ਸਨ।





