ਅੰਮਿ੍ਰਤਸਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼ਰੋਮਣੀ ਕਮੇਟੀ ਦੇ ਫੈਸਲੇ ਵਿਰੁੱਧ ਜਾਣ ਕਰਕੇ 4 ਦੋਸ਼ੀ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸ਼ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਕਾਂਗਰਸ ਆਗੂ ਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਆਉਣ ਸਮੇਂ ਹੋਈ ਮਰਯਾਦਾ ਦੀ ਉਲੰਘਣਾ ਸੰਬੰਧੀ ਸ਼ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪੜਤਾਲ ਕਰਵਾਈ ਗਈ। ਪੜਤਾਲ ਰਿਪੋਰਟ ਬੁੱਧਵਾਰ ਮਿਲਣ ਮਗਰੋਂ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਵਿਚ ਕਥਾਵਾਚਕ ਭਾਈ ਪਲਵਿੰਦਰ ਸਿੰਘ ਤੇ ਸੇਵਾਦਾਰ ਭਾਈ ਹਰਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦ ਕਿ ਆਰਜ਼ੀ ਤੌਰ ’ਤੇ ਸੇਵਾ ਨਿਭਾਅ ਰਹੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਮੈਨੇਜਰ ਪ੍ਰਗਟ ਸਿੰਘ ਨੂੰ ਚੇਤਾਵਨੀ ਦਿੰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੜਤਾਲੀਆ ਰਿਪੋਰਟ ਵਿਚ ਇਹ ਪੱਖ ਸਾਹਮਣੇ ਆਇਆ ਹੈ ਕਿ ਕਾਂਗਰਸ ਆਗੂ ਗੁਰਦੁਆਰਾ ਸਾਹਿਬ ਦੇ ਦਰਬਾਰ ਵਿਚ ਨਿਰਧਾਰਤ ਜੰਗਲੇ ਦੇ ਅੰਦਰ ਗਏ ਸਨ, ਜੋ ਮਰਯਾਦਾ ਦਾ ਸਿੱਧੇ ਤੌਰ ’ਤੇ ਉਲੰਘਣ ਹੈ। ਉਨ੍ਹਾ ਕਿਹਾ ਕਿ ਇਸ ਨਿਰਧਾਰਤ ਅਸਥਾਨ ’ਤੇ ਜਾਣ ਲਈ ਇਕ ਨੀਯਤ ਬਾਣਾ ਵੀ ਲਾਜ਼ਮੀ ਹੁੰਦਾ ਹੈ ਅਤੇ ਅੰਦਰ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ, ਸੇਵਾਦਾਰਾਂ ਅਤੇ ਸੰਬੰਧਤ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਬਾਹਰੀ ਵਿਅਕਤੀ ਜੰਗਲੇ ਦੇ ਅੰਦਰ ਨਹੀਂ ਜਾ ਸਕਦਾ। ਸ਼ਰੋਮਣੀ ਕਮੇਟੀ ਦੇ ਫੈਸਲੇ ਅਨੁਸਾਰ ਦਰਬਾਰ ਦੇ ਅੰਦਰ ਕਿਸੇ ਵੀ ਵੀ ਆਈ ਪੀ ਨੂੰ ਸਿਰੋਪਾਓ ਨਹੀਂ ਦਿੱਤਾ ਜਾ ਸਕਦਾ। ਇਨ੍ਹਾਂ ਦੋਹਾਂ ਕਾਰਨਾਂ ਦੇ ਮੱਦੇਨਜ਼ਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਮੁਲਾਜ਼ਮਾਂ ’ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।





