ਚੰਡੀਗੜ੍ਹ (�ਿਸ਼ਨ ਗਰਗ)
ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਖੇਤੀਬਾੜੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ ਕੇ ਵੀ ਵਾਈ) ਤਹਿਤ ਵਾਧੂ ਵਿੱਤੀ ਸਹਾਇਤਾ ਲਈ 151 ਕਰੋੜ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਬੁੱਧਵਾਰ ਦਿੱਲੀ ’ਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਕੌਮੀ ਖੇਤੀਬਾੜੀ ਕਾਨਫਰੰਸ 2025 ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਹਾਲੀਆ ਹੜ੍ਹਾਂ ਸਦਕਾ ਖੇਤੀਬਾੜੀ ਅਧੀਨ ਰਕਬੇ ਅਤੇ ਖੜੀਆਂ ਫਸਲਾਂ ਦੀ ਵੱਡੇ ਪੈਮਾਨੇ ’ਤੇ ਤਬਾਹੀ ਹੋਈ ਹੈ। ਸਰਹੱਦੀ ਜ਼ਿਲ੍ਹਿਆਂ ਅੰਮਿ੍ਰਤਸਰ, ਗੁਰਦਾਸਪੁਰ, ਤਰਨ ਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਭ ਤੋਂ ਵਧੇਰੇ ਪ੍ਰਭਾਵਤ ਹੋਏ ਹਨ ਅਤੇ ਇਥੇ ਜ਼ਮੀਨਾਂ ਵਿਚ 5-5 ਫੁੱਟ ਤੱਕ ਸਿਲਟ/ਰੇਤ ਜਮ੍ਹਾਂ ਹੋ ਗਈ ਹੈ।ਖੁੱਡੀਆਂ ਨੇ ਜ਼ੋਰ ਦਿੱਤਾ ਕਿ ਹਾਲਾਤ ਦੀ ਤੀਬਰਤਾ ਨੂੰ ਵੇਖਦੇ ਹੋਏ ਆਰ ਕੇ ਵੀ ਵਾਈ ਦੇ ਡੀ ਪੀ ਆਰ ਭਾਗ ਤਹਿਤ ਇਹ ਫੰਡ ਜਲਦੀ ਜਾਰੀ ਕੀਤੇ ਜਾਣ ਨਾਲ ਨਾ ਕੇਵਲ ਕਿਸਾਨਾਂ ਦੀ ਮਦਦ ਹੋ ਸਕੇਗੀ, ਸਗੋਂ ਸੂਬੇ ਵਿਚ ਖੇਤੀਬਾੜੀ ਆਰਥਿਕਤਾ ਦੀ ਮੁੜ ਬਹਾਲੀ ਵੀ ਸੰਭਵ ਹੋ ਸਕੇਗੀ।
ਉਨ੍ਹਾ ਮੰਗ ਕੀਤੀ ਕਿ ਕੇਂਦਰ ਪ੍ਰਭਾਵਤ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦਾ ਸਰਟੀਫਾਈਡ ਬੀਜ ਮੁਹੱਈਆ ਕਰਵਾਉਣ ਲਈ ਸੀਡ ਵਿਲੇਜ ਪ੍ਰੋਗਰਾਮ ਤਹਿਤ 80 ਕਰੋੜ ਰੁਪਏ ਜਾਰੀ ਕਰੇ। ਇਸ ਤੋਂ ਇਲਾਵਾ ਕੌਮੀ ਖਾਧ ਮਿਸ਼ਨ ਤਹਿਤ ਕਣਕ ਦੇ ਬੀਜ ਲਈ ਵੱਖਰੇ 25 ਲੱਖ ਰੁਪਏ ਜਾਰੀ ਕੀਤੇ ਜਾਣ, ਤਾਂ ਜੋ ਕਿਸਾਨਾਂ ਦੀ ਮਦਦ ਸੰਭਵ ਹੋ ਸਕੇ। ਉਨ੍ਹਾ ਚੌਹਾਨ ਨੂੰ 637 ਕੁਇੰਟਲ ਸਰ੍ਹੋਂ ਦਾ ਸਰਟੀਫਾਈਡ ਬੀਜ ਅਤੇ 375 ਕੁਇੰਟਲ ਕਾਲੇ ਛੋਲਿਆਂ ਦਾ ਬੀਜ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ।
ਖੁੱਡੀਆਂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਡੀ ਏ ਪੀ ਅਤੇ ਯੂਰੀਆ ਖਾਦਾਂ ਦੀ ਸੂਬੇ ਦੀ ਜ਼ਰੂਰਤ ਅਨੁਸਾਰ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਰੋਕੇ ਹੋਏ ਪੇਂਡੂ ਵਿਕਾਸ ਫੰਡ ਦੇ 8 ਹਜ਼ਾਰ ਕਰੋੜ ਅਤੇ ਹੋਰ ਫੰਡ ਤੁਰੰਤ ਜਾਰੀ ਕਰਨ ਲਈ ਨਿੱਜੀ ਦਖਲ ਦੇਣ ਲਈ ਵੀ ਆਖਿਆ।
ਚੌਹਾਨ ਨੇ ਖੁੱਡੀਆਂ ਨੂੰ ਭਰੋਸਾ ਦਿਵਾਇਆ ਕਿ ਹੜ੍ਹਾਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਦੀ ਸਹਾਇਤਾ ਲਈ ਸਭ ਲੋੜੀਂਦੇ ਕਦਮ ਉਠਾਏ ਜਾਣਗੇ।





