ਫ਼ਿਰੋਜ਼ਪੁਰ (ਅਸ਼ੋਕ ਸ਼ਰਮਾ)
ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ ਪਿੰਡਾਂ ’ਚ ਆਏ ਹੜ੍ਹ ਕਾਰਨ ਇਨ੍ਹਾਂ ਇਲਾਕਿਆਂ ਦੀਆਂ ਮੁਸ਼ਕਲਾਂ ਅਤੇ ਲੋਕਾਂ ਦੇ ਮੁੜ ਵਸੇਬੇ ਦੇ ਮੱਦੇਨਜ਼ਰ ਵੀਰਵਾਰ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾ ਵੱਲੋਂ ਹੜ੍ਹ ਪ੍ਰਭਾਵਤ ਪਿੰਡਾਂ ਗੱਟੀ ਰਾਜੋ ਕੇ, ਜੱਲੋ ਕੇ ਅਤੇ ਟੈਂਡੀ ਵਾਲਾ ਵਿਖੇ ਮੈਡੀਕਲ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ।ਇਸ ਦੌਰਾਨ ਉਨ੍ਹਾ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਸਨ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਹੜ੍ਹ ਤੋਂ ਬਾਅਦ ਦੇ ਸਮੇਂ ਦੌਰਾਨ ਵੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਮੁੜ ਵਸੇਬੇ ਅਤੇ ਬਿਮਾਰੀਆਂ ਤੋਂ ਬਚਾਅ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹੇ ਦੀਆਂ ਐੱਨ ਜੀ ਓਜ਼ ਨਾਲ ਵੀ ਮੀਟਿੰਗ ਕੀਤੀ ਗਈ। ਉਨ੍ਹਾ ਹੜ੍ਹਾਂ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਵਲੰਟੀਅਰਾਂ, ਸਿਹਤ ਸੰਬੰਧੀ ਸਨਅਤ ਦੇ ਪ੍ਰਤੀਨਿਧੀਆਂ ਅਤੇ ਹੋਰ ਸੰਸਥਾਵਾਂ ਦੇ ਪ੍ਰਤੀਨਿਧੀਆਂ, ਜੋ ਕਿ ਹੜ੍ਹ ਦੀ ਸਥਿਤੀ ਵਿਚ ਲੋਕਾਂ ਦੀ ਮਦਦ ਕਰ ਰਹੇ ਜਾਂ ਉਨ੍ਹਾਂ ਦੀ ਸਹੂਲਤ ਲਈ ਕੋਈ ਵੀ ਕੰਮ ਕਰ ਰਹੇ ਹਨ, ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਵੀ ਕੀਤਾ।





