‘ਆਪ’ ਆਗੂ ਦੇ ਘਰ ’ਤੇ ਗੋਲੀਆਂ ਚਲਾਈਆਂ, ਕਾਰ ਸਾੜੀ

0
133

ਮੰਡੀ ਅਹਿਮਦਗੜ੍ਹ : ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਆਗੂ ਸੁਖਵਿੰਦਰ ਸਿੰਘ ਛਿੰਦਾ ਦੇ ਪਿੰਡ ਲਹਿਰਾ ਸਥਿਤ ਘਰ ’ਤੇ ਬੀਤੀ ਰਾਤ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਹਮਲਾਵਰ, ਜਿਨ੍ਹਾਂ ਦੀ ਗਿਣਤੀ ਅੱਧੀ ਦਰਜਨ ਦੇ ਕਰੀਬ ਦੱਸੀ ਜਾਂਦੀ ਹੈ, ਨੇ ਘਰ ਦੇ ਮੁੱਖ ਦਰਵਾਜ਼ੇ ’ਤੇ ਗੋਲੀਆਂ ਚਲਾਈਆਂ ਤੇ ਅੰਦਰ ਖੜ੍ਹੀ ਸਵਿਫਟ ਕਾਰ ਨੂੰ ਵੀ ਅੱਗ ਲਗਾ ਦਿੱਤੀ। ਹਮਲੇ ਦੀ ਖਬਰ ਮਿਲਣ ਤੋਂ ਬਾਅਦ ਡੇਹਲੋਂ ਪੁਲਸ ਨੇ ਪਿੰਡ ਦੇ ਨੌਜਵਾਨ ਮਾਣਕ ਅਤੇ ਉਸ ਦੇ ਸਾਥੀਆਂ ਖਿਲਾਫ਼ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਅਸਿਸਟੈਂਟ ਕਮਿਸ਼ਨਰ ਪੁਲਸ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਛਿੰਦਾ ’ਤੇ ਮਾਣਕ ਨਾਮੀ ਨੌਜਵਾਨ ਅਤੇ ਉਸ ਦੇ ਸਾਥੀਆਂ ਵੱਲੋਂ ਗੋਲੀਆਂ ਚਲਾਉਣ ਤੇ ਕਾਰ ਨੂੰ ਅੱਗ ਲਗਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪੈੜ ਨੱਪਣ ਲਈ ਵੱਖ-ਵੱਖ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ‘ਆਪ’ ਆਗੂ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਮਰਥਨ ਦੇਣ ਅਤੇ ਇਲਾਕੇ ਦੇ ਨਸ਼ਾ ਤਸਕਰਾਂ ਵਿਰੁੱਧ ਖੁੱਲ੍ਹ ਕੇ ਬੋਲਣ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।