ਨਵੀਂ ਦਿੱਲੀ : ਫਿਲਮ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਜੈਕਲੀਨ ਦੀ ਪਟੀਸ਼ਨ ਖਾਰਜ ਕਰ ਦਿੱਤੀ। ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਵਕੀਲ ਸੁਮੀਰ ਸੋਢੀ ਰਾਹੀਂ ਦਾਇਰ ਪਟੀਸ਼ਨ ਵਿੱਚ ਜੈਕਲੀਨ ਫਰਨਾਡੀਜ਼ ਨੇ ਦਿੱਲੀ ਹਾਈ ਕੋਰਟ ਦੇ 3 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ ਨੂੰ ਰੱਦ ਕਰਨ ਦੀ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਫਰਨਾਂਡੀਜ਼ ਚੰਦਰਸ਼ੇਖਰ ਵਿਰੁੱਧ ਦਾਇਰ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਹੈ ਅਤੇ ਜਾਂਚ ਦੇ ਸੰਬੰਧ ਵਿੱਚ ਪੁੱਛਗਿੱਛ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਈ ਸੀ। ਦਿੱਲੀ ਪੁਲਸ ਨੇ ਚੰਦਰਸ਼ੇਖਰ ਵਿਰੁੱਧ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਸ਼ਿਵਿੰਦਰ ਸਿੰਘ ਅਤੇ ਮਾਲਵਿੰਦਰ ਸਿੰਘ ਦੇ ਜੀਵਨ ਸਾਥੀਆਂ ਨਾਲ 200 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਹਾਈ ਕੋਰਟ ਵਿੱਚ ਕਿਹਾ ਸੀ ਕਿ ਉਸ ਵਿਰੁੱਧ ਸਾਰੇ ਦੋਸ਼ ਝੂਠੇ ਹਨ ਅਤੇ ਉਸ ਨੂੰ ਸੁਕੇਸ਼ ਚੰਦਰਸ਼ੇਖਰ ਦੇ ਅਪਰਾਧਕ ਇਤਿਹਾਸ ਦਾ ਕੋਈ ਗਿਆਨ ਨਹੀਂ ਹੈ।




