ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਫਰਵਰੀ 2020 ਦੇ ਦਿੱਲੀ ਦੰਗਿਆਂ ਪਿੱਛੇ ਸਾਜ਼ਿਸ਼ ਦੇ ਦੋਸ਼ਾਂ ਨਾਲ ਸੰਬੰਧਤ ਯੂ ਏ ਪੀ ਏ ਕੇਸ ਵਿੱਚ ਕਾਰਕੰੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲਸ ਤੋਂ ਜਵਾਬ ਮੰਗਿਆ। ਜਸਟਿਸ ਅਰਵਿੰਦ ਕੁਮਾਰ ਅਤੇ ਐਨ ਵੀ ਅੰਜਾਰੀਆ ਦੀ ਬੈਂਚ ਨੇ ਇਹ ਨੋਟਿਸ ਜਾਰੀ ਕਰਕੇ ਮਾਮਲੇ ਨੂੰ 7 ਅਕਤੂਬਰ ਲਈ ਸੂਚੀਬੱਧ ਕੀਤਾ। ਕਾਰਕੁੰਨਾਂ ਨੇ ਦਿੱਲੀ ਹਾਈ ਕੋਰਟ ਦੇ 2 ਸਤੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਖਾਲਿਦ ਅਤੇ ਇਮਾਮ ਸਮੇਤ ਨੌਂ ਲੋਕਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। ਕੋਰਟ ਨੇ ਕਿਹਾ ਸੀ ਕਿ ਨਾਗਰਿਕਾਂ ਨੂੰ ਪ੍ਰਦਰਸ਼ਨਾਂ ਜਾਂ ਵਿਰੋਧ ਪ੍ਰਦਰਸ਼ਨਾਂ ਦੀ ਆੜ ਵਿੱਚ ਸਾਜ਼ਿਸ਼ੀ ਹਿੰਸਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਖਾਲਿਦ ਅਤੇ ਇਮਾਮ ਤੋਂ ਇਲਾਵਾ ਫਾਤਿਮਾ, ਹੈਦਰ, ਮੁਹੰਮਦ ਸਲੀਮ ਖਾਨ, ਸ਼ਿਫਾ ਉਰ ਰਹਿਮਾਨ, ਅਤਹਰ ਖਾਨ, ਅਬਦੁਲ ਖਾਲਿਦ ਸੈਫੀ ਅਤੇ ਸ਼ਾਦਾਬ ਅਹਿਮਦ ਦੀ ਵੀ ਜ਼ਮਾਨਤ ਰੱਦ ਕੀਤੀ ਗਈ ਸੀ। ਇੱਕ ਹੋਰ ਮੁਲਜ਼ਮ ਤਸਲੀਮ ਅਹਿਮਦ ਦੀ ਜ਼ਮਾਨਤ ਪਟੀਸ਼ਨ ਵੀ 2 ਸਤੰਬਰ ਨੂੰ ਹਾਈ ਕੋਰਟ ਦੀ ਵੱਖਰੀ ਬੈਂਚ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਹਾਈ ਕੋਰਟ ਨੇ ਕਿਹਾ ਕਿ ਸੰਵਿਧਾਨ ਨਾਗਰਿਕਾਂ ਨੂੰ ਪ੍ਰਦਰਸ਼ਨ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ, ਬਸ਼ਰਤੇ ਉਹ ਵਿਵਸਥਤ, ਸ਼ਾਂਤਮਈ ਅਤੇ ਬਿਨਾਂ ਹਥਿਆਰਾਂ ਦੇ ਹੋਣ ਅਤੇ ਅਜਿਹੀਆਂ ਕਾਰਵਾਈਆਂ ਕਾਨੂੰਨ ਦੇ ਦਾਇਰੇ ਵਿੱਚ ਹੋਣੀਆਂ ਚਾਹੀਦੀਆਂ ਹਨ।




