ਚੰਡੀਗੜ੍ਹ (ਗੁਰਜੀਤ ਬਿੱਲਾ)
ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ।
ਇੱਥੇ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾ ਚੇਤਾਵਨੀ ਦਿੱਤੀ ਕਿ ਜੇ ਕਿਸੇ ਕਿਸਾਨ ਨੂੰ ਦਿੱਕਤ ਦਾ ਸਾਹਮਣਾ ਕਰਨਾ ਪਿਆ ਤਾਂ ਸੰਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਸੂਬਾਈ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸੀਜ਼ਨ ਵਿੱਚ ਝੋਨੇ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ। ਉਨ੍ਹਾ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ, ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾ ਕਿਹਾ ਕਿ ਕਿਸਾਨਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆ ਅਤੇ ਚੁੱਕਿਆ ਜਾਵੇਗਾ। ਸਮੁੱਚੀ ਖ਼ਰੀਦ ਪ੍ਰਕਿਰਿਆ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਦਿੱਤੇ ਬਗ਼ੈਰ ਨੇਪਰੇ ਚਾੜ੍ਹੀ ਜਾਵੇਗੀ।





