ਪੰਜਾਬ ਤੋਂ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ 24 ਨੂੰ

0
100

ਚੰਡੀਗੜ੍ਹ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਬੁੱਧਵਾਰ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 13 ਅਕਤੂਬਰ ਹੋਵੇਗੀ। ਇਸ ਤੋਂ ਬਾਅਦ ਨਾਮਜ਼ਦਗੀਆਂ ਦੀ ਪੜਤਾਲ 14 ਅਕਤੂਬਰ ਨੂੰ ਅਤੇ ਵਾਪਸੀ 16 ਅਕਤੂਬਰ ਨੂੰ ਹੋਵੇਗੀ। ਰਾਜ ਸਭਾ ਦੀ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ।
ਐੱਕਸ ਨੂੰ ਝਟਕਾ, ਕਾਨੂੰਨ ਦੀ ਪਾਲਣਾ ਕਰਨੀ ਪਵੇਗੀ
ਨਵੀਂ ਦਿੱਲੀ : ਸੋਸ਼ਲ ਮੀਡੀਆ ਪਲੇਟਫਾਰਮ ਐੱਕਸ ਨੂੰ ਕਰਨਾਟਕ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਦੇ ਟੇਕਡਾਊਨ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਐੱਕਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਭਾਰਤ ਵਿੱਚ ਕੰਮ ਕਰਨ ਲਈ ਦੇਸ਼ ਦੇ ਕਾਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਐੱਕਸ ਨੇ ਕਰਨਾਟਕ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਦਲੀਲ ਦਿੱਤੀ ਗਈ ਕਿ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 79 (3) (ਬੀ) ਸਰਕਾਰੀ ਅਧਿਕਾਰੀਆਂ ਨੂੰ ਬਲਾਕਿੰਗ ਆਰਡਰ ਜਾਰੀ ਕਰਨ ਦਾ ਅਧਿਕਾਰ ਨਹੀਂ ਦਿੰਦੀ। ਇਸ ਦੀ ਬਜਾਏ, ਕੰਪਨੀ ਨੇ ਦਲੀਲ ਦਿੱਤੀ ਕਿ ਐਕਟ ਦੀ ਸਿਰਫ਼ ਧਾਰਾ 691, ਸੂਚਨਾ ਤਕਨਾਲੋਜੀ (ਜਨਤਾ ਦੁਆਰਾ ਜਾਣਕਾਰੀ ਤੱਕ ਪਹੁੰਚ ਨੂੰ ਰੋਕਣ ਲਈ ਪ੍ਰਕਿਰਿਆ ਅਤੇ ਸੁਰੱਖਿਆ) ਨਿਯਮ, 2009 ਦੇ ਨਾਲ ਅਜਿਹੀ ਕਾਰਵਾਈ ਲਈ ਢੁਕਵਾਂ ਕਾਨੂੰਨੀ ਢਾਂਚਾ ਪ੍ਰਦਾਨ ਕਰਦੀ ਹੈ।